ਜਗਤਾਰ ਸਿੰਘ ਛਿੱਤ
ਜੈਂਤੀਪੁਰ, 23 ਸਤੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਖੇਤੀ ਕਾਲੇ ਕਾਨੂੰਨਾਂ ਵਿਰੁੱਧ 27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਅਤੇ 28 ਸਤੰਬਰ ਤੋਂ ਆਪਣੀਆਂ ਹੱਕੀ ਮੰਗਾਂ ਲਈ ਡੀਸੀ ਦਫ਼ਤਰਾਂ ਅੱਗੇ ਪੱਕਾ ਮੋਰਚਾ ਲਾਉਣ ਲਈ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਅਬਦਾਲ ਵਿੱਚ ਸੰਘਰਸ਼ ਕਮੇਟੀ ਦੇ ਆਗੂ ਗੁਰਲਾਲ ਸਿੰਘ ਮਾਨ ਤੇ ਬਲਦੇਵ ਸਿੰਘ ਬੱਗਾ ਦੀ ਅਗਵਾਈ ਹੇਠ ਬੀਬੀਆਂ ਦੀ ਵਿਸ਼ਾਲ ਕਨਵੈਨਸ਼ਨ ਹੋਈ ਜਿਸ ਵਿੱਚ ਅੰਮ੍ਰਿਤਸਰ ਦੇ ਵੱਖ-ਵੱਖ ਜ਼ੋਨਾਂ ਤੋਂ ਵੱਡੀ ਗਿਣਤੀ ਵਿੱਚ ਬੀਬੀਆਂ ਸ਼ਾਮਲ ਹੋਈਆਂ। ਇਸ ਮੌਕੇ ਕਿਸਾਨ ਆਗੂ ਬੀਬੀ ਰੁਪਿੰਦਰ ਕੌਰ, ਬੀਬੀ ਪਲਵਿੰਦਰ ਕੌਰ ਅਬਦਾਲ, ਬੀਬੀ ਰਾਜੀ ਮਹਿਣੀਆਂ, ਬੀਬੀ ਕੁਲਵੰਤ ਕੌਰ ਤਲਵੰਡੀ, ਬੀਬੀ ਬਲਰਾਜ ਕੌਰ, ਬੀਬੀ ਪਲਵਿੰਦਰ ਕੌਰ ਝੰਡੇ, ਬੀਬੀ ਬਲਵਿੰਦਰ ਕੌਰ ਝਾਮਕਾ ਅਤੇ ਸਵਿੰਦਰ ਕੌਰ ਰੂਪੋਵਾਲੀ ਨੇ ਬੀਬੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਦੀ ਸਰਕਾਰ ਦੇ ਖੇਤੀ ਵਿਰੁੱਧ ਕਾਲੇ ਕਾਨੂੰਨਾਂ ਤੋਂ ਪੈਦਾ ਹੋਣ ਵਾਲੇ ਬੁਰੇ ਹਾਲਾਤ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਇਹ ਲੋਕ ਮਾਰੂ ਕਾਲੇ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ।
ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਾਉਣ, ਫਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਵਾਲਾ ਕਾਨੂੰਨ ਬਣਾਉਣ ਅਤੇ ਮੁੱਖ ਮੰਗਾਂ ਦੇ ਨਾਲ ਏਪੀਐੱਮਸੀ ਕਾਨੂੰਨ ਵਿੱਚ ਕੀਤੀਆਂ ਸੋਧਾਂ, ਜੋ ਪ੍ਰਾਈਵੇਟ ਮੰਡੀ ਨੂੰ ਖੁੱਲ ਦਿੰਦੀਆਂ ਹਨ, ਨੂੰ ਰੱਦ ਕਰਾਉਣ, ਝੋਨੇ ਦੀ ਖਰੀਦ ਬਿਨਾਂ ਕਿਸੇ ਸ਼ਰਤ ਦੇ ਕਰਾਉਣ, ਪੰਜਾਬ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ, ਕਿਸਾਨਾਂ ਮਜ਼ਦੂਰਾਂ ਸਮੁੱਚਾ ਕਰਜ਼ਾ ਮੁਆਫ਼ ਕਰਾਉਣ ਅਤੇ ਹਰ ਤਰ੍ਹਾਂ ਮਾਫੀਆ ਖ਼ਤਮ ਕਰਨ ਆਦਿ ਮੰਗਾਂ ਨੂੰ ਲੈ ਕੇ 28 ਸਤੰਬਰ ਤੋਂ ਡੀ.ਸੀ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਗੁਰਭੇਜ ਸਿੰਘ ਝੰਡੇ, ਮੇਜਰ ਸਿੰਘ ਅਬਦਾਲ, ਮੁਖ਼ਤਾਰ ਸਿੰਘ ਭੰਗਵਾਂ ਅਤੇ ਕਿਰਪਾਲ ਸਿੰਘ ਕਲੇਰ ਨੇ ਵੀ ਸੰਬੋਧਨ ਕੀਤਾ।
ਨੈਨੋਕੋਟ ’ਚ ਸਿਆਸੀ ਸਰਗਰਮੀਆਂ ਉੱਤੇ ਪਾਬੰਦੀ ਲਾਈ
ਕਾਹਨੂੰਵਾਨ(ਵਰਿੰਦਰਜੀਤ ਜਾਗੋਵਾਲ): ਪਿੰਡ ਨੈਨੋਕੋਟ ਦੇ ਕਿਸਾਨਾਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੋਈ ਬੈਠਕ ਦੌਰਾਨ ਫ਼ੈਸਲਾ ਕੀਤਾ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਪਿੰਡ ਵਿੱਚ ਚੋਣਾਂ ਸਬੰਧੀ ਕੋਈ ਪ੍ਰਚਾਰ ਨਹੀਂ ਕਰਨ ਦਿੱਤਾ ਜਾਵੇਗਾ। ਇਹ ਮੀਟਿੰਗ ਪ੍ਰਧਾਨ ਗੁਰਮੇਜ ਸਿੰਘ ਦੀ ਅਗਵਾਈ ਵਿੱਚ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕੀਤੀ ਗਈ। ਜਿਸ ਦੌਰਾਨ ਕਿਸਾਨੀ ਸੰਘਰਸ਼ ਬਾਰੇ ਅਤੇ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਲਾਂ ਬਾਰੇ ਚਰਚਾ ਹੋਈ। ਆਗੂਆਂ ਨੇ ਕਿਹਾ ਕਿ ਕਮੇਟੀ ਵੱਲੋਂ ਪਿੰਡ ਦੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਮਿਲ ਕੇ ਵਿਚਾਰਾਂ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡੀ ਸੀ ਦਫ਼ਤਰ ਗੁਰਦਾਸਪੁਰ ਵਿੱਚ 28,29,30 ਸਤੰਬਰ ਨੂੰ ਲੱਗਣ ਜਾ ਰਹੇ ਧਰਨੇ ਲਈ ਪਿੰਡ ਦੇ ਸਭ ਕਿਸਾਨਾਂ, ਮਜ਼ਦੂਰਾਂ ਪਿੰਡ ਵਾਸੀਆਂ ਨਾਲ ਵਿਚਾਰ ਚਰਚਾ ਕੀਤੀ ਗਈ।