ਆਤਿਸ਼ ਗੁਪਤਾ
ਚੰਡੀਗੜ੍ਹ, 11 ਜੁਲਾਈ
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੇ ਸੰਗਠਨ ’ਚ ਵੱਡੇ ਪੱਧਰ ’ਤੇ ਤਬਦੀਲੀਆਂ ਕੀਤੀਆਂ ਹਨ। ਪਾਰਟੀ ਨੇ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਪੰਜ ਨਵੇਂ ਸੂਬਾ ਸਕੱਤਰ, ਛੇ ਸੰਯੁਕਤ, ਦੋ ਲੋਕ ਸਭਾ ਇੰਚਾਰਜ ਅਤੇ ਕਈ ਵਿੰਗਾਂ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਨਿਯੁਕਤ ਕੀਤੇ ਹਨ। ਇਹ ਸੂਚੀ ਮੁੱਖ ਮੰਤਰੀ ਤੇ ਸੂਬਾ ਪ੍ਰਧਾਨ ਭਗਵੰਤ ਮਾਨ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਰਾਜ ਸਭਾ ਮੈਂਬਰ ਤੇ ਸਹਿ ਇੰਚਾਰਜ ਡਾ. ਸੰਦੀਪ ਪਾਠਕ ਨੇ ਜਾਰੀ ਕੀਤਾ ਹੈ।
ਅੱਜ ਕੀਤੀ ਗਈ ਫੇਰਬਦਲ ਮਗਰੋਂ ਗੁਰਦੇਵ ਸਿੰਘ ਲੱਖਣਾ, ਡਾ. ਸੰਨੀ ਆਹਲੂਵਾਲੀਆ, ਸ਼ਮਿੰਦਰ ਖਿੰਡਾ, ਰਾਜਵਿੰਦਰ ਕੌਰ ਥਿਆੜਾ ਤੇ ਡਾ. ਅਮਨਦੀਪ ਸਿੰਘ ਮੋਹੀ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਦੇ ਬੁਲਾਰੇ ਨੀਲ ਗਰਗ, ਮੋਹਨ ਲਾਲ, ਹਰਚਰਨ ਸਿੰਘ ਸੰਧੂ, ਪ੍ਰਿੰਸੀਪਲ ਪ੍ਰੇਮ ਕੁਮਾਰ, ਕਰਤਾਰ ਪਹਿਲਵਾਨ ਅਤੇ ਗੁਰਪਾਲ ਸਿੰਘ ਨੂੰ ਸੂਬਾ ਜੁਆਇੰਟ ਸਕੱਤਰ ਬਣਾਇਆ ਗਿਆ ਹੈ। ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਸ਼ਰਨਪਾਲ ਮੱਕੜ ਨੂੰ ਲੁਧਿਆਣਾ ਲੋਕ ਸਭਾ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ। ਇਸੇ ਤਰ੍ਹਾਂ ਸੁਰਿੰਦਰ ਸਿੰਘ ਸੋਢੀ ਨੂੰ ਖੇਡ ਵਿੰਗ ਦਾ ਸੂਬਾ ਪ੍ਰਧਾਨ ਅਤੇ ਬਲਜਿੰਦਰ ਕੌਰ ਤੁੰਗੋਵਾਲੀ ਨੂੰ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਇਸ ਮੌਕੇ ਪਾਰਟੀ ਨੇ ਜ਼ਿਲ੍ਹਾ ਪੱਧਰ ’ਤੇ ਵੀ ਵੱਡੀਆਂ ਤਬਦੀਲੀਆਂ ਕੀਤੀਆਂ ਹਨ।
ਪੰਜਾਬ ਪੁਲੀਸ ਦਾ ਸ਼ਿਕਾਇਤ ਨਿਵਾਰਣ ਪੋਰਟਲ ਲਾਂਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੰਜਾਬ ਪੁਲੀਸ ਦਾ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ ਜਾਰੀ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਰਾਹੀਂ ਲੋਕਾਂ ਨੂੰ ਘਰ ਬੈਠਿਆਂ ਆਨਲਾਈਨ ਸ਼ਿਕਾਇਤਾਂ ਦਰਜ ਕਰਨ, ਸ਼ਿਕਾਇਤਾਂ ’ਤੇ ਹੋਈ ਕਾਰਵਾਈ ਉਪਰ ਨਿਗ੍ਹਾ ਰੱਖਣ ਤੇ ਰਿਪੋਰਟ ਹਾਸਲ ਕਰਨ ਦੀ ਸਹੂਲਤ ਮਿਲੇਗੀ। ਇਸ ਲਈ ਵੈੱਬਸਾਈਟ Pgd.punjabpolice.gov.in ’ਤੇ ਸ਼ਿਕਾਇਤਕਰਤਾ ਆਪਣਾ ਨਾਮ ਅਤੇ ਮੋਬਾਈਲ ਨੰਬਰ ਦਰਜ ਕਰਵਾਉਣ ਮਗਰੋਂ ਬਾਕੀ ਸੰਖੇਪ ਪ੍ਰਕਿਰਿਆ ਮੁਕੰਮਲ ਕਰੇਗਾ।
ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਪੱਤਰ
ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਿਵਲ ਪ੍ਰਸ਼ਾਸਨ ਦੀਆਂ ਅਸਾਮੀਆਂ ਭਰਨ ਲਈ ਪੰਜਾਬ ਅਤੇ ਹਰਿਆਣਾ ਦਰਮਿਆਨ 60:40 ਦਾ ਅਨੁਪਾਤ ਕਾਇਮ ਰੱਖਣ ਲਈ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿੱਖ ਕੇ ਦਖਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਲਿੱਖ ਕੇ ਦੱਸਿਆ ਕਿ ਯੂਟੀ ਪ੍ਰਸ਼ਾਸਨ ਵਿੱਚ ਏਜੀਐੱਮਯੂਟੀ ਕਾਡਰ ਦੇ ਆਈਏਐੱਸ ਅਧਿਕਾਰੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ ਜ਼ਿਆਦਾਤਰ ਮਹੱਤਵਪੂਰਨ ਅਸਾਮੀਆਂ ਹੁਣ ਪੰਜਾਬ ਦੀ ਥਾਂ ਏਜੀਐੱਮਯੂਟੀ ਕਾਡਰ ਦੇ ਅਧਿਕਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਸਿਹਤ, ਸਿੱਖਿਆ, ਉਦਯੋਗ, ਖੇਤੀਬਾੜੀ, ਕਿਰਤ ਤੇ ਰੁਜ਼ਗਾਰ, ਸੂਚਨਾ ਤਕਨਾਲੋਜੀ, ਖੁਰਾਕ ਤੇ ਸਪਲਾਈ, ਸਹਿਕਾਰਤਾ, ਖੇਡਾਂ ਅਤੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਪ੍ਰਮੁੱਖ ਵਿਭਾਗ ਵੀ ਪਹਿਲਾਂ ਵਾਂਗ ਵਿੱਤ ਸਕੱਤਰ ਕੋਲ ਦੇਣ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਪੰਜਾਬ ਕੇਡਰ ਦੇ ਆਈਏਐੱਸ ਲਈ ਰਾਖਵਾਂ ਸਿਟਕੋ ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਵਾਪਸ ਮੰਗਿਆ ਹੈ।