ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਬੀਤੇ ਦਿਨ ਅਕਾਲੀ ਦਲ ਵੱਲੋਂ ਸਿੱਖਾਂ ਦੇ ਤਿੰਨ ਤਖ਼ਤ ਸਾਹਿਬਾਨ ਤੋਂ ਕੱਢੇ ਕਿਸਾਨ ਮਾਰਚ ’ਤੇ ਚੰਡੀਗੜ੍ਹ ਪੁਲੀਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਲਾਠੀਚਾਰਜ ਨੇ ਦੇਸ਼ ਦੇ ਲੋਕਤੰਤਰ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਾਤਮਾਈ ਤਰੀਕੇ ਰਾਸ਼ਟਰਪਤੀ ਦੇ ਨਾਂ ’ਤੇ ਪੰਜਾਬ ਦੇ ਗਵਰਨਰ ਨੂੰ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਮੰਗ ਪੱਤਰ ਸੌਂਪਣ ਜਾ ਰਹੇ ਲੋਕਾਂ ’ਤੇ ਚੰਡੀਗੜ੍ਹ ਪੁਲੀਸ ਪ੍ਰਸ਼ਾਸਨ ਨੇ ਤਸ਼ਦੱਦ ਢਾਹੇ। ਚੰਦੂਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਦੀਆਂ ਸੜਕਾਂ ’ਤੇ ਕਿਸਾਨਾਂ ਦੇ ਡੁੱਲ੍ਹੇ ਖੂਨ ਨੂੰ ਅਜਾਈਂ ਨਹੀਂ ਜਾਵੇਗਾ। ਉਨ੍ਹਾਂ ਆਖਿਆ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਸੰਘਰਸ਼ ਤਿੱਖਾ ਕੀਤਾ ਜਾਵੇਗਾ।