ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਅਗਸਤ
ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਅੱਜ ਪਟਿਆਲਾ ਸਥਿਤ ਪਾਵਰ ਕਾਰਪੋਰੇਸ਼ਨ ਦੇ ਦਫ਼ਤਰ ਅੱਗੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ’ਤੇ ਪੁਲੀਸ ਵੱਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਬੇਰੁਜ਼ਗਾਰ ਲਾਈਨਮੈਨਾਂ ਉੱਪਰ ਅੰਨ੍ਹੇਵਾਹ ਲਾਠੀਚਾਰਜ ਕੀਤਾ ਤੇ ਪ੍ਰਦਰਸ਼ਨ ਵਾਲੀ ਜਗ੍ਹਾ ’ਚ ਪਾਣੀ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਲਾਠੀਚਾਰਜ ਦੌਰਾਨ ਔਰਤਾਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਵੋਟਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਭੁੱਲ ਕੇ ਬੇਰੁਜ਼ਗਾਰਾਂ ’ਤੇ ਤਸ਼ੱਦਦ ਕਰਵਾਉਣ ਉੱਤੇ ਉੱਤਰ ਆਈ ਹੈ। ਉਨ੍ਹਾਂ ਕਿਹਾ ਕਿ ਕਿ ਲਾਠੀਚਾਰਜ ਕਰਨ ਅਤੇ ਕਰਵਾਉਣ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।