ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 29 ਅਪਰੈਲ
ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੈੱਸ ਕਲੱਬ ਸ੍ਰੀ ਆਨੰਦਪੁਰ ਸਾਹਿਬ ਵੱਲੋ ‘ਗਰੀਨ ਆਨੰਦਪੁਰ ਸਾਹਿਬ’ ਮੁਹਿੰਮ ਦੀ ਸ਼ੁਰੂਆਤ ਅੱਜ ਸਥਾਨਕ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਪੌਦੇ ਲਗਾਕੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੁਆਰਾ ਕੀਤੀ ਗਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰੈੱਸ ਕਲੱਬ ਦੇ ਇਸ ਕਾਰਜ ਦੀ ਸ਼ਲਘਾ ਕਰਦੇ ਹੋਏ ਕਿਹਾ ਕਿ ਅੱਜ ਜਿੱਥੇ ਕਰੋਨਾਵਾਇਰਸ ਕਾਰਨ ਆਕਸੀਜਨ ਦੀ ਕਮੀ ਨਾਲ ਦੇਸ਼ ਜੂਝ ਰਿਹਾ ਹੈ, ਉਥੇ ਹੀ ਸਾਨੂੰ ਦੂਸ਼ਿਤ ਮਾਹੌਲ ਨੂੰ ਦੂਰ ਕਰਨ ਲਈ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਪ੍ਰੈੱਸ ਕਲੱਬ ਵੱਲੋਂ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੈਸ ਕਲੱਬ ਦੇ ਪ੍ਰਧਾਨ ਨਰਿੰਦਰ ਸ਼ਰਮਾ ਵੱਲੋਂ ਗਿਆਨੀ ਰਘਬੀਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਸੋਨੀ, ਰਾਜਪਾਲ ਆਂਗਰਾ, ਦਲਜੀਤ ਸਿੰਘ ਅਰੋੜਾ ਆਦਿ ਮੌਜੂਦ ਸਨ।