ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲ ਕਰਦਿਆਂ ਅੱਜ ਜਾਇਦਾਦ ਦੀ ਵੰਡ (ਖਾਨਗੀ ਤਕਸੀਮ) ਨੂੰ ਦਰਜ ਕਰਨ ਦੀ ਪ੍ਰਕਿਰਿਆ ਹੋਰ ਸੁਖਾਲੀ ਬਣਾਉਣ ਲਈ ਵੈੱਬਸਾਈਟ ਲਾਂਚ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਵੈੱਬਸਾਈਟ ਨਾਲ ਖਾਨਗੀ ਤਕਸੀਮ ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਵੈੱਬਸਾਈਟ ਰਾਹੀਂ ਖਾਨਗੀ ਤਕਸੀਮ ਲਈ ਲੋਕਾਂ ਦੀਆਂ ਅਰਜ਼ੀਆਂ ਇੱਕ ਕਲਿੱਕ ਰਾਹੀਂ ਆਸਾਨੀ ਨਾਲ ਜਮ੍ਹਾਂ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਲੋਕ ਇਸ ਵੈੱਬਸਾਈਟ ’ਤੇ ਆਪਣਾ ਨਾਮ, ਪਿਤਾ ਜਾਂ ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲ੍ਹਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਣੇ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ। ਇਸ ਲਈ ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖਤ ਕੀਤਾ ਪ੍ਰਸਤਾਵਿਤ ਵੰਡ ਦਾ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਦਰਸਾਉਂਦਾ ਫੀਲਡ ਮੈਪ ਵੀ ਸੌਂਪਣਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਵਿਭਾਗੀ ਅਧਿਕਾਰੀਆਂ ਵੱਲੋਂ ਮੈਮੋਰੰਡਮ ਦੇ ਤੱਥਾਂ ਦੀ ਤਸਦੀਕ ਮਗਰੋਂ ਪਟਵਾਰੀ ਤੇ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ ’ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਸੱਦਿਆ ਜਾਵੇਗਾ ਅਤੇ ਫਿਰ ਅਗਲੀ ਪ੍ਰਕਿਰਿਆ ਚੱਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕੇਗਾ ਅਤੇ ਇਹ ਪ੍ਰਕਿਰਿਆ ਸੁਖਾਲੇ ਢੰਗ ਨਾਲ ਜ਼ਮੀਨ ਦੀ ਖਰੀਦ-ਵੇਚ ਤੋਂ ਇਲਾਵਾ ਫਸਲਾਂ ਦਾ ਮੁਆਵਜ਼ਾ ਅਤੇ ਜਮ੍ਹਾਂਬੰਦੀ ਦੀ ਨਕਲ ਆਸਾਨੀ ਨਾਲ ਪ੍ਰਾਪਤ ਕਰਨ ਲਈ ਸਹਾਈ ਸਿੱਧ ਹੋਵੇਗੀ।
ਮੁੱਖ ਮੰਤਰੀ ਵੱਲੋਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਪਲੇਠੀ ਮੀਟਿੰਗ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਅੱਜ ਪਲੇਠੀ ਮੀਟਿੰਗ ਕਰਦਿਆਂ ਚੇਅਰਮੈਨਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਪਹੁੰਚਾਉਣ ਦੀ ਹਦਾਇਤ ਕੀਤੀ। ਸਥਾਨਕ ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ ਅਤੇ ਚੇਅਰਮੈਨ ਇਹ ਯਕੀਨੀ ਬਣਾਉਣ ਕਿ ਇਹ ਸਕੀਮਾਂ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਣ ਤਾਂ ਜੋ ਇਨ੍ਹਾਂ ਦਾ ਪੂਰਾ ਲਾਭ ਲੋਕਾਂ ਤੱਕ ਪਹੁੰਚ ਸਕੇ। ਮੁੱਖ ਮੰਤਰੀ ਨੇ ਚੇਅਰਮੈਨਾਂ ਨੂੰ ਆਪੋ-ਆਪਣੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਖਾਲੀ ਪਈਆਂ ਅਸਾਮੀਆਂ ਦੀ ਸੂਚੀ ਸੌਂਪਣ ਲਈ ਆਖਿਆ ਅਤੇ ਕਿਹਾ ਕਿ ਸੂੁਚੀਆਂ ਦੇ ਆਧਾਰ ’ਤੇ ਸੂਬਾ ਸਰਕਾਰ ਉਹ ਖਾਲੀ ਅਸਾਮੀਆਂ ਭਰਨ ਲਈ ਭਰਤੀ ਮੁਹਿੰਮ ਸ਼ੁਰੂ ਕਰੇਗੀ। ਸ੍ਰੀ ਮਾਨ ਨੇ ਕਿਹਾ ਕਿ ਖਾਲੀ ਪਈਆਂ ਅਸਾਮੀਆਂ ਕਾਰਨ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕੰਮਕਾਜ ’ਤੇ ਮਾੜਾ ਅਸਰ ਪੈ ਰਿਹਾ ਹੈ।