ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬਦਤਰ: ਵੜਿੰਗ
ਮਹਿੰਦਰ ਸਿੰਘ ਰੱਤੀਆਂ
ਮੋਗਾ, 7 ਜੁਲਾਈ
ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਦਾ ਹਾਲ ਜਾਣਿਆ। ਸ੍ਰੀ ਕੰਬੋਜ ਨੂੰ ਗੈਂਗਸਟਰਾਂ ਦੀ ਗੋਲੀ ਮਾਰ ਦਿੱਤੀ ਸੀ ਤੇ ਉਹ ਇੱਥੇ ਪ੍ਰਾਈਵੇਟ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਇਸ ਮੌਕੇ ਸ੍ਰੀ ਵੜਿੰਗ ਨੇ ਡਾ. ਕੰਬੋਜ ਵੱਲੋਂ ਫ਼ਿਰੌਤੀ ਨਾ ਦੇਣ ਕਾਰਨ ਗੋਲੀਆਂ ਚਲਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਹੁਣ ਭਾਵੇਂ ਉਹ ਖ਼ਤਰੇ ਤੋਂ ਬਾਹਰ ਹਨ ਪਰ ਸੂਬੇ ਵਿੱਚ ਦਿਨੋਂ-ਦਿਨ ਖ਼ਰਾਬ ਹੋ ਰਹੀ ਅਮਨ-ਕਾਨੂੰਨ ਦੀ ਸਥਿਤੀ ਚਿੰਤਾ ਦਾ ਵਿਸ਼ਾ ਹੈ। ਸੂਬੇ ਵਿੱਚ ਫ਼ਿਰੌਤੀ, ਲੁੱਟ-ਖੋਹ ਅਤੇ ਕਤਲ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਗੈਂਗਸਟਰਾਂ ਵੱਲੋਂ ਪੰਜਾਬੀਆਂ ਤੋਂ ਫ਼ਿਰੌਤੀ ਦੇ ਨਾਂ ’ਤੇ ਹਜ਼ਾਰਾਂ ਕਰੋੜ ਰੁਪਏ ਲੁੱਟੇ ਜਾ ਚੁੱਕੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਹਰ ਵਰਗ ਚਾਹੇ ਉਹ ਵਪਾਰੀ, ਅਦਾਕਾਰ, ਡਾਕਟਰ ਹੋਣ, ਸਭ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ’ਚ ਨਾਕਾਮਯਾਬ ਸਾਬਿਤ ਹੋਈ ਹੈ, ਜਿਸ ਦਾ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਸ੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਜੋ ਕੁਝ ਹੋ ਰਿਹਾ ਹੈ, ਉਸ ਤੋਂ ਸਪਸ਼ਟ ਹੈ ਕਿ ਹਾਲਾਤ ਚੰਗੇ ਨਹੀਂ ਹਨ। ਸੂਬੇ ਦੇ ਲੋਕਾਂ ਦੇ ਮਨਾਂ ਵਿੱਚ ਭੈਅ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ਸਥਿਤੀ ਅਜਿਹੀ ਹੀ ਰਹੀ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ।
ਇਸ ਮੌਕੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੋਹਣ ਸਿੰਘ ਖੇਲਾ, ਐਡਵੋਕੇਟ ਪਰਮਰਪਾਲ ਸਿੰਘ ਤਖ਼ਤਪੂਰਾ, ਮਾਲਵਿਕਾ ਸੂਦ ਸੱਚਰ, ਇੰਦਰਜੀਤ ਸਿੰਘ ਬੀੜ ਚੜਿੱਕ ਆਦਿ ਮੌਜੂਦ ਸਨ।