ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜੂਨ
ਕੇਂਦਰੀ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਨੇ ਪੰਜਾਬ ਦੇ ਮਾੜੇ ਹਾਲਾਤ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਇਥੇ ਅਮਨ ਅਤੇ ਕਾਨੂੰਨ ਦੀ ਸਥਿਤੀ ਲਗਾਤਾਰ ਨਿੱਘਰਦੀ ਜਾ ਰਹੀ ਹੈ।
ਉਹ ਇਥੇ ਆਈਆਈਐੱਮ (ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ) ਦੇ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਆਈਆਈਐੱਮ ਦੇ ਸਮਾਗਮ ਦੌਰਾਨ ਉਨ੍ਹਾਂ ਕੈਂਪਸ ਵਿੱਚ ਬੂਟਾ ਲਾਇਆ। ਕੈਂਪਸ ਵਿੱਚ ਵਿਦਿਆਰਥੀਆਂ ਤੇ ਅਮਲੇ ਨੂੰ ਮਿਲੇ ਅਤੇ ਬਾਅਦ ਵਿੱਚ ਸਮਾਗਮ ਦੌਰਾਨ ਸੰਬੋਧਨ ਵੀ ਕੀਤਾ। ਉਹ ਭਾਜਪਾ ਦੇ ਦਫ਼ਤਰ ਖੰਨਾ ਸਮਾਰਕ ਵੀ ਪੁੱਜੇ, ਜਿਥੇ ਉਨ੍ਹਾਂ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ‘ਆਪ’ ਚੋਣ ਵਾਅਦੇ ਪੂਰੇ ਕਰਨ ਵਿੱਚ ਵੀ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਪਰਾਧੀਆਂ ਤੇ ਗੈਂਗਸਟਰਾਂ ਵਲੋਂ ਨਿੱਤ ਦਿਨ ਅਪਰਾਧ ਅਤੇ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਤੇ ਪ੍ਰਸ਼ਾਸਨ ਮੂਕ ਦਰਸ਼ਕ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਇਮਾਰਤਾਂ ’ਤੇ ਖਾਲਿਸਤਾਨ ਸਬੰਧੀ ਨਾਅਰੇ ਲਿਖੇ ਜਾ ਰਹੇ ਹਨ। ਨੁਪੂਰ ਸ਼ਰਮਾ ਤੇ ਨਵੀਨ ਜਿੰਦਲ ਦੇ ਵਿਵਾਦਿਤ ਬਿਆਨ ਸਬੰਧੀ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਦੋਵੇਂ ਬਿਨਾਂ ਸ਼ਰਤ ਮੁਆਫ਼ੀ ਮੰਗ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਖੁਲਾਸਾ ਕੀਤਾ ਕਿ ਮੋਦੀ ਸਰਕਾਰ ਨੇ ਸਿੱਖਿਆ ਸੁਧਾਰ ਤਹਿਤ ਜਲਦੀ ਹੀ ‘ਪੀਐਮ ਸ੍ਰੀ ਸਕੂਲ’ ਖੋਲ੍ਹਣ ਦੀ ਯੋਜਨਾ ਬਣਾਈ ਹੈ। ਦੇਸ਼ ਭਰ ਵਿੱਚ ਨਵੇਂ ਸਕੂਲ ਖੋਲ੍ਹੇ ਜਾਣਗੇ, ਜੋ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈੱਸ ਹੋਣਗੇ।
ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।