ਚਰਨਜੀਤ ਭੁੱਲਰ
ਚੰਡੀਗੜ੍ਹ, 29 ਮਈ
ਪੰਜਾਬ ਦੇ ਡੀਜੀਪੀ ਵੀ.ਕੇ.ਭਾਵਰਾ ਨੇ ਅੱਜ ਦੇਰ ਸ਼ਾਮ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਹੋਣ ਦੀ ਪੁਸ਼ਟੀ ਕੀਤੀ ਹੈ। ਡੀਜੀਪੀ ਭਾਵਰਾ ਨੇ ਦੱਸਿਆ ਕਿ ਹੁਣ ਤੱਕ ਦੀ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਬਠਿੰਡਾ ਦੇ ਆਈਜੀ ਨੂੰ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦੇ ਹੁਕਮ ਦਿੱਤੇ ਹਨ।
ਇਥੇ ਸੰਖੇਪ ਪ੍ਰੈੱਸ ਕਾਨਫਰੰਸ ਦੌਰਾਨ ਡੀਜੀਪੀ ਭਾਵਰਾ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਕੈਨੇਡਾ ਆਧਾਰਿਤ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਡੀਜੀਪੀ ਨੇ ਦੱਸਿਆ ਕਿ ਪਿਛਲੇ ਵਰ੍ਹੇ ਮੁਹਾਲੀ ਵਿਚ ਵਿੱਕੀ ਮਿੱਡੂਖੇੜਾ ਦੇ ਹੋਏ ਕਤਲ ਵਿਚ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦਾ ਨਾਮ ਆਇਆ ਸੀ, ਜੋ ਆਸਟਰੇਲੀਆ ਚਲਾ ਗਿਆ ਸੀ। ਉਨ੍ਹਾਂ ਕਿਹਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਪ੍ਰਤੀਕਿਰਿਆ ਵਿਚ ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਕੇ ਤੋਂ 30 ਖਾਲੀ ਕਾਰਤੂਸ ਮਿਲੇ ਹਨ ਅਤੇ ਤਿੰਨ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ, ਜੋ ਵੱਖ ਵੱਖ ਬੋਰ ਦੇ ਸਨ। ਇਨ੍ਹਾਂ ’ਚ ਏਐੱਨ94 ਅਤੇ ਇੱਕ 455 ਬੋਰ ਸੀ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਕਾਤਲਾਂ ਦੀ ਭਾਲ ਲਈ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਬਠਿੰਡਾ ਰੇਂਜ ਦੇ ਆਈਜੀ ਤੋਂ ਇਲਾਵਾ ਬਠਿੰਡਾ ਦੇ ਐੱਸਐੱਸਪੀ ਵੀ ਮਾਨਸਾ ਵਿਚ ਅਪਰੇਸ਼ਨ ’ਤੇ ਹਨ। ਆਈਜੀ ਨੂੰ ਵਿਸ਼ੇਸ਼ ਜਾਂਚ ਟੀਮ ਬਣਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਏਡੀਜੀਪੀ (ਲਾਅ ਐਂਡ ਆਰਡਰ) ਵੱਲੋਂ ਲੋੜੀਂਦੀ ਨਫਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਕੇਸ ਨੂੰ ਸੁਲਝਾ ਲਿਆ ਜਾਵੇਗਾ।
ਦੋ ਕਮਾਂਡੋਜ਼ ਨਾਲ ਤਾਇਨਾਤ ਸਨ: ਡੀਜੀਪੀ
ਡੀਜੀਪੀ ਨੇ ਸੁਰੱਖਿਆ ਵਾਪਸੀ ਦੇ ਮਾਮਲੇ ’ਤੇ ਸਪੱਸ਼ਟ ਕੀਤਾ ਕਿ ਘੱਲੂਘਾਰਾ ਦਿਵਸ ਕਰਕੇ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਆਰਜ਼ੀ ਤੌਰ ’ਤੇ ਸੁਰੱਖਿਆ ਵਾਪਸ ਲਈ ਗਈ ਸੀ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਨਾਲ ਚਾਰ ਕਮਾਂਡੋ ਤਾਇਨਾਤ ਕੀਤੇ ਹੋਏ ਸਨ, ਜਿਨ੍ਹਾਂ ’ਚੋਂ ਦੋ ਵਾਪਸ ਲੈ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਅੱਜ ਦੋ ਕਮਾਂਡੋਜ਼ ਨੂੰ ਵੀ ਨਾਲ ਨਹੀਂ ਲੈ ਕੇ ਗਏ। ਉਹ ਅੱਜ ਆਪਣੀ ਬੁਲੇਟ ਪਰੂਫ ਗੱਡੀ ਵੀ ਨਹੀਂ ਲੈ ਕੇ ਗਏ।