ਜੋਗਿੰਦਰ ਸਿੰਘ ਮਾਨ
ਮਾਨਸਾ, 10 ਮਈ
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਮਾਨਸਾ ਨੇ ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ’ਚ ਸੂਬੇ ਭਰ ’ਚ ਮੋਹਰੀ ਸਥਾਨ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਮਈ 2021 ਤੋਂ 9 ਮਈ 2022 ਤੱਕ ਸਾਰੇ 13 ਸੇਵਾ ਕੇਂਦਰਾਂ ’ਤੇ 379 ਸੇਵਾਵਾਂ ਲਈ ਪ੍ਰਸ਼ਾਸਨ ਨੂੰ 133698 ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਨਿ੍ਹਾਂ ਦਾ ਅਧਿਕਾਰੀਆਂ ਵੱਲੋਂ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਗਿਆ। ਇਨ੍ਹਾਂ ਵਿੱਚੋਂ ਸਿਰਫ 86 ਅਰਜ਼ੀਆਂ ਪ੍ਰਕਿਰਿਆ ਅਧੀਨ ਹਨ, ਜੋ ਕਿ ਸੂਬੇ ਦੇ ਸਾਰੇ ਜ਼ਿਲਿਆਂ ਨਾਲੋਂ ਘੱਟ ਹੈ।
ਜ਼ਿਲਾ ਪ੍ਰਸਾਸਨ ਦੀ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਇਹ ਟੀਚਾ ਹਾਸਲ ਕੀਤਾ ਗਿਆ ਹੈ।