ਲੈਕਚਰਾਰਾਂ ਦੀ ਭਰਤੀ ਪ੍ਰਕਿਰਿਆ ਦਾ ਮਾਮਲਾ: ਕੌਮੀ SC ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ
ਕਮਿਸ਼ਨ ਨੇ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਰਾਖਵੇਂਕਰਨ ਦੇ ਲਾਭਾਂ ਤੋਂ ਵਾਂਝੇ ਰੱਖਣ ਸਬੰਧੀ ਨੋਟਿਸ ਜਾਰੀ ਕਰਕੇ ਸੱਤ ਦਿਨਾਂ ਦੇ ਅੰਦਰ ਮੰਗਿਆ ਜਵਾਬ
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਲੈਕਚਰਾਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਰਿਜ਼ਰਵੇਸ਼ਨ (ਰਾਖਵੇਂਕਰਨ) ਦੇ ਲਾਭਾਂ ਤੋਂ ਵਾਂਝੇ ਰੱਖਣ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਸੱਤ ਦਿਨਾਂ ਦੇ ਅੰਦਰ ਜਵਾਬ ਮੰਗਿਆ ਹੈ।
ਸੰਸਦ ਮੈਂਬਰ ਤਰੁਣ ਚੁੱਘ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਸਿੱਖਿਆ ਵਿਭਾਗ ਪੰਜਾਬ ਵਿੱਚ ਲੈਕਚਰਾਰਾਂ ਦੀ ਭਰਤੀ 'ਚ ਰਿਜ਼ਰਵੇਸ਼ਨ ਨੀਤੀ ਨੂੰ ਲਾਗੂ ਨਾ ਕਰਨ ਬਾਰੇ ਸ਼ਿਕਾਇਤ ਕੀਤੀ ਸੀ।
ਚੁੱਘ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ 1,013 ਲੈਕਚਰਾਰਾਂ ਦੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਰਿਜ਼ਰਵੇਸ਼ਨ ਦੇ ਲਾਭ ਤੋਂ ਵਾਂਝਾ ਰੱਖਿਆ ਗਿਆ ਹੈ। ਕਈ ਵਿਸ਼ਿਆਂ (ਪੰਜਾਬੀ, ਕਾਮਰਸ, ਗਣਿਤ, ਭੌਤਿਕ ਵਿਗਿਆਨ/ਫਿਜ਼ਿਕਸ, ਅਰਥ ਸ਼ਾਸਤਰ/ਇਕਨਾਮਿਕਸ, ਰਸਾਇਣ ਵਿਗਿਆਨ/ਕੈਮਿਸਟਰੀ, ਜੀਵ ਵਿਗਿਆਨ/ਬਾਇਓਲੋਜੀ, ਭੂਗੋਲ/ਜਿਓਗ੍ਰਾਫੀ ਆਦਿ) ਵਿੱਚ ਰਿਜ਼ਰਵੇਸ਼ਨ ਦੇ ਨਿਯਮਾਂ ਅਤੇ ਨਿਰਧਾਰਤ ਰੋਸਟਰ ਪ੍ਰਣਾਲੀ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕੀਤੀ ਗਈ ਹੈ।
ਕੌਮੀ ਕਮਿਸ਼ਨ ਨੇ ਭਾਰਤੀ ਸੰਵਿਧਾਨ ਦੀ ਧਾਰਾ 338 ਦੇ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਸੱਤ ਦਿਨਾਂ ਦੇ ਅੰਦਰ ਮਾਮਲੇ ਦੇ ਤੱਥ, ਲਗਾਏ ਗਏ ਦੋਸ਼ਾਂ 'ਤੇ ਕੀਤੀ ਗਈ ਕਾਰਵਾਈ ਅਤੇ ਇਸ ਨਾਲ ਸਬੰਧਿਤ ਰਿਕਾਰਡ (ਭਰਤੀ ਨੋਟੀਫਿਕੇਸ਼ਨ ਅਤੇ ਰਿਜ਼ਰਵੇਸ਼ਨ ਰੋਸਟਰ ਸਮੇਤ) ਕਮਿਸ਼ਨ ਕੋਲ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਤ ਸਮੇਂ ਦੇ ਅੰਦਰ ਜਵਾਬ ਪ੍ਰਾਪਤ ਨਹੀਂ ਹੁੰਦਾ ਹੈ, ਤਾਂ ਉਹ ਸੰਵਿਧਾਨ ਦੀ ਧਾਰਾ 338 ਦੇ ਤਹਿਤ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਿੱਜੀ ਪੇਸ਼ੀ ਲਈ ਸੰਮਨ ਜਾਰੀ ਕਰ ਸਕਦਾ ਹੈ।
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਲੈਕਚਰਾਰ ਦੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਰਾਖਵੇਂਕਰਨ ਦੇ ਲਾਭਾਂ ਤੋਂ ਵਾਂਝੇ ਰੱਖਣ ਨੂੰ ਬਹੁਤ ਹੀ ਗੰਭੀਰ ਮਾਮਲਾ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕਮਿਸ਼ਨ ਅਨੁਸੂਚਿਤ ਜਾਤੀਆਂ ਦੇ ਸੰਵਿਧਾਨਕ ਹੱਕਾਂ ਦੀ ਰਾਖੀ ਕਰਨ ਅਤੇ ਸਰਕਾਰੀ ਸੇਵਾਵਾਂ ਵਿੱਚ ਰਾਖਵੇਂਕਰਨ ਦੇ ਉਪਬੰਧਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਮਿਸ਼ਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ 'ਤੇ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ।

