ਫਾਸ਼ੀ ਹਮਲਿਆਂ ਤੇ ਪੁਲੀਸ ਜਬਰ ਖ਼ਿਲਾਫ਼ ਡਟੀਆਂ ਖੱਬੀਆਂ ਧਿਰਾਂ
ਹਤਿੰਦਰ ਮਹਿਤਾ
ਦੇਸ਼ ਭਰ ਵਿੱਚ ਭਾਜਪਾ ਦੀਆਂ ਫਾਸ਼ੀ ਨੀਤੀਆਂ ਦਾ ਵਿਰੋਧ ਕਰਨ ਲਈ ਖੱਬੀਆਂ ਧਿਰਾਂ ਦੇ ਸਾਂਝੇ ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ’ਚ ਹੋਈ। ਮੀਟਿੰਗ ਵਿੱਚ ਫਰੰਟ ਦਾ ਅੱਠ ਨੁਕਾਤੀ ਪ੍ਰੋਗਰਾਮ ਕੁਝ ਸੋਧਾਂ ਨਾਲ ਪਾਸ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਫਾਸ਼ੀ ਹਮਲਿਆਂ ਅਤੇ ਪੁਲੀਸ ਜਬਰ ਖ਼ਿਲਾਫ਼ 20 ਜੁਲਾਈ ਤੋਂ 15 ਅਗਸਤ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਕਨਵੈਨਸ਼ਨਾਂ ਕਰਕੇ ਲਾਮਬੰਦੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸੂਬਾ ਕਮੇਟੀ ਮੈਂਬਰ ਕੰਵਲਜੀਤ ਖੰਨਾ ਨੇ ਦੱਸਿਆ ਕਿ ਇਹ ਫਰੰਟ ਰਾਜਨੀਤਕ ਹੋਵੇਗਾ ਅਤੇ ਰਾਜਨੀਤਕ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰੇਗਾ।
ਇਸ ਫਰੰਟ ਦੀ ਮੁੱਖ ਸੇਧ ਮੋਦੀ ਹਕੂਮਤ ਦੀਆਂ ਫਾਸ਼ੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨਾ, ਲਾਮਬੰਦ ਕਰਨਾ ਅਤੇ ਸੰਘਰਸ਼ ਦੇ ਮੈਦਾਨ ਵਿੱਚ ਲਿਆਉਣਾ ਹੋਵੇਗਾ। ਇਹ ਫਰੰਟ ਚੋਣਾਂ ਲੜਨ ਜਾਂ ਚੋਣਾਂ ਦਾ ਵਿਰੋਧ ਕਰਨ ਵਾਲਾ ਫਰੰਟ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿਚ ਧਾਰਮਿਕ ਘੱਟ ਗਿਣਤੀਆਂ, ਦਲਿਤਾਂ, ਮੱਧ ਭਾਰਤ ਦੇ ਆਦਿਵਾਸੀਆਂ ਅਤੇ ਮਾਓਵਾਦੀਆਂ ’ਤੇ ਜਬਰ ਢਾਹਿਆ ਜਾ ਰਿਹਾ ਹੈ ਤੇ ਇਨ੍ਹਾਂ ਲੋਕਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਸੰਗਰੂਰ ਜ਼ਿਲ੍ਹੇ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਅੰਦੋਲਨ ਉਪਰ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਜਬਰ ਦੀ ਨਿੰਦਾ ਕੀਤੀ ਗਈ। ਇਸ ਮੌਕੇ ਸੀਪੀਆਈ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ, ਆਰਐੱਮਪੀਆਈ ਦੇ ਆਗੂ ਪ੍ਰਗਟ ਸਿੰਘ ਜਾਮਾਰਾਏ, ਪ੍ਰੋ. ਜੈ ਪਾਲ ਸਿੰਘ, ਮਹੀਪਾਲ, ਸੀਪੀਆਈ (ਐੱਮਐੱਲ) ਨਿਊ ਡੈਮੋਕਰੇਸੀ ਦੇ ਆਗੂ ਅਜਮੇਰ ਸਿੰਘ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਹਾਜ਼ਰ ਸਨ।