ਪੰਜਾਬ ਵਿਧਾਨ ਸਭਾ ਦਾ ਇਜਲਾਸ 22 ਅਕਤੂਬਰ ਤੋਂ ਸ਼ੁਰੂ ਹੋਵੇਗਾ ਜੋ ਕਿ 27 ਅਕਤੂਬਰ ਤੱਕ ਚੱਲੇਗਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਇਸ ਸਬੰਧੀ ਸੂਚਨਾ ਜਾਰੀ ਕੀਤੀ ਗਈ ਹੈ। ‘ਆਪ’ ਸਰਕਾਰ ਦਾ ਇਹ ਆਖ਼ਰੀ ਇਜਲਾਸ ਹੈ ਅਤੇ ਆਗਾਮੀ ਵਿਧਾਨ ਸਭਾ ਤੋਂ ਪਹਿਲਾਂ ਹੋ ਰਹੇ ਆਖ਼ਰੀ ਸੈਸ਼ਨ ’ਚ ਭਾਰੀ ਸਿਆਸੀ ਹੰਗਾਮਾ ਦੇਖਣ ਨੂੰ ਮਿਲੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜ਼ਨੈੱਸ ਇਨ ਦਿ ਪੰਜਾਬ ਵਿਧਾਨ ਸਭਾ’ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ, ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ। 10 ਅਗਸਤ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਸੈਸ਼ਨ ਹੁਣ 22 ਅਕਤੂਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਸੈਸ਼ਨ ਸਬੰਧੀ ਜਾਰੀ ਅਸਥਾਈ ਪ੍ਰੋਗਰਾਮ ਅਨੁਸਾਰ 22 ਅਕਤੂਬਰ ਨੂੰ ਵਿਛੜੀਆਂ ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ 23 ਅਕਤੂਬਰ ਨੂੰ ਸਰਕਾਰੀ ਕੰਮਕਾਜ ਹੋਵੇਗਾ। ਆਖ਼ਰੀ ਦਿਨ ਵਿਧਾਨਿਕ ਕੰਮਕਾਜ ਤੋਂ ਇਲਾਵਾ ਇੱਕ ਮਤਾ ਪੇਸ਼ ਕੀਤਾ ਜਾਣਾ ਹੈ। ਦੱਸਣਯੋਗ ਹੈ ਕਿ ਜਦੋਂ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਸੰਗਠਨਾਂ ਦੇ ਮੈਂਬਰਾਂ ਨੇ ਚੰਡੀਗੜ੍ਹ ਸਰਹੱਦ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ ਤਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਰਕਾਰ ਵੱਲੋਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਮੁੱਦਿਆਂ ’ਤੇ ਵਿਚਾਰ ਕਰਨ ਲਈ ਵਿਧਾਨ ਸਭਾ ਸੈਸ਼ਨ ਜਲਦੀ ਹੀ ਬੁਲਾਇਆ ਜਾਵੇਗਾ, ਜਿਸ ਵਿੱਚ ਪਾਣੀ ਸਮਝੌਤਿਆਂ ’ਤੇ ਮੁੜ ਵਿਚਾਰ ਕਰਨਾ ਅਤੇ ਦਰਿਆਈ ਪਾਣੀਆਂ ਨਾਲ ਸਬੰਧਤ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ ਵਿਰੁੱਧ ਮਤਾ ਪਾਸ ਕਰਨਾ ਸ਼ਾਮਲ ਹੈ।
ਵਿਧਾਨ ਸਭਾ ਸੈਸ਼ਨ ’ਚ ਕਿਸਾਨਾਂ ਦੀ ਮੰਗ ਅਨੁਸਾਰ ਵਿਧਾਨ ਸਭਾ ਡੈਮ ਸੁਰੱਖਿਆ ਐਕਟ ਅਤੇ ਬੀਜ ਬਿੱਲ, 2025 ਦਾ ਵਿਰੋਧ ਕਰਨ ਵਾਲੇ ਮਤਿਆਂ ’ਤੇ ਵੀ ਵਿਚਾਰ ਕਰਨ ਦੀ ਸੰਭਾਵਨਾ ਹੈ। ਵਿਧਾਇਕ ਕਿਸਾਨਾਂ ਨਾਲ ਸਬੰਧਿਤ ਮੁੱਦਿਆਂ ’ਤੇ ਚਰਚਾ ਕਰਨਗੇ, ਜਿਵੇਂ ਕਿ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਨਾਲ ਵਾਅਦਾ ਕੀਤਾ ਗਿਆ ਸੀ। ਕੇਂਦਰੀ ਏਜੰਸੀਆਂ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੇ ਜਾਣ ਕਰ ਕੇ ਵਿਰੋਧੀ ਧਿਰਾਂ ਵੱਲੋਂ ਸੱਤਾਧਾਰੀ ਧਿਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

