ਰਮੇਸ਼ ਭਾਰਦਵਾਜ
ਲਹਿਰਾਗਾਗਾ, 2 ਮਈ
ਕਰੋਨਾ ਕਾਰਨ ਤਾਲਾਬੰਦੀ ਦੇ ਬਾਵਜੂਦ ਇਥੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ 212ਵੇਂ ਦਿਨ ਵੀ ਪਿੰਡ ਲਹਿਲ ਖੁਰਦ ਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਧਰਨੇ ਦੌਰਾਨ ਸਮਾਜਿਕ ਦੂਰੀ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ ਤੇ ਨਾ ਹੀ ਬਹੁਤੇ ਪ੍ਰਦਰਸ਼ਨਕਾਰੀਆਂ ਨੇ ਮਾਸਕ ਪਾਏ ਹੋਏ ਹਨ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਜਗਸੀਰ ਸਿੰਘ ਖੰਡੇਬਾਦ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬੂਟਾ ਭੁਟਾਲ ਕਲਾਂ, ਕਰਨੈਲ ਗਨੋਟਾ, ਕਰਮਜੀਤ ਕੌਰ ਭੁਟਾਲ ਕਲਾਂ, ਜਸ਼ਨਦੀਪ ਕੋਰ ਪਿਸ਼ੌਰ, ਬਲਜੀਤ ਕੌਰ ਲਹਿਲ ਕਲਾਂ ਨੇ ਕਿਹਾ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਵੀ ਕਦੇ ਧਰਨੇ ਵਿੱਚ ਲੋਕਾਂ ਦੀ ਤਦਾਦ ਘੱਟ ਨਹੀਂ ਹੋਈ ਸੀ।
ਭਵਾਨੀਗੜ੍ਹ(ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਸੰਗਰੂਰ ਦੇ ਬਲਾਕ ਭਵਾਨੀਗੜ੍ਹ ਵੱਲੋਂ ਟੌਲ ਪਲਾਜ਼ਾ ਕਾਲਾਝਾੜ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਧਰਨੇ 214ਵੇਂ ਦਿਨ ਵੀ ਜਾਰੀ ਰੱਖੇ ਗਏ। ਇਸ ਮੌਕੇ ਕਿਸਾਨ ਆਗੂ ਜਗਤਾਰ ਸਿੰਘ ਕਾਲਝਾੜ, ਪੈਪਸੀਕੋ ਵਰਕਰਜ਼ ਯੂਨੀਅਨ ਦੇ ਆਗੂ ਗੁਰਜੀਤ ਸਿੰਘ ਨਾਭਾ, ਕ੍ਰਿਸ਼ਨ ਭੜੋ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਰਮਨ ਸਿੰਘ ਕਾਲਝਾੜ, ਨਵਜੋਤ ਕੌਰ ਚੰਨੋ, ਨਿਰਭੈ ਸਿੰਘ ਮਸਾਣੀ ਹਾਜ਼ਰ ਸਨ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਵੀ ਪੱਕਾ ਧਰਨਾ ਜਾਰੀ ਰੱਖਿਆ ਗਿਆ। ਇਥੇ ਵੀ ਨਾ ਸਮਾਜਿਕ ਦੂਰੀ ਰੱਖੀ ਗਈ ਤੇ ਨਾ ਹੀ ਮਾਸਕ ਪਾਏ ਹੋਏ ਸਨ।
ਧੂਰੀ(ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਮਨਜੀਤ ਸਿੰਘ ਜਹਾਂਗੀਰ ਦੀ ਅਗਵਾਈ ਵਿੱਚ 214ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਸੁਖਦੇਵ ਸ਼ਰਮਾ, ਰਾਮ ਸਿੰਘ ਕੱਕੜਵਾਲ, ਗੁਰੀ ਮਾਨ ਧੂਰੀ, ਮਹਿੰਦਰ ਸਿੰਘ ਭਸੌੜ, ਸੁਖਦੇਵ ਸਿੰਘ ਪੇਧਨੀ ਵੀ ਹਾਜ਼ਰ ਸਨ। ਇਸ ਧਰਨੇ ਵਿੱਚ ਤਾਲਾਬੰਦੀ ਦੇ ਬਾਵਜੂਦ ਧਰਨਾਕਾਰੀਆਂ ਨੇ ਨਾ ਮਾਸਕ ਪਾਏ ਤੇ ਨਾ ਸਮਾਜਿਕ ਦੂਰੀ ਰੱਖੀ।