ਦਵਿੰਦਰ ਪਾਲ
ਚੰਡੀਗੜ੍ਹ, 20 ਅਪਰੈਲ
ਪੰਜਾਬ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਢੇ 6 ਮਹੀਨਿਆਂ ਤੋਂ ਮੈਦਾਨ ’ਚ ਡਟੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨਾਂ ਅਤੇ ਹੋਰਨਾਂ ਸਹਿਯੋਗੀਆਂ ਨੂੰ ਦਿੱਲੀ ਦੇ ਮੋਰਚਿਆਂ ਵਿੱਚ ਡਟਣ ਦੇ ਦਿੱਤੇ ਸੱਦੇ ਤਹਿਤ ਅੱਜ ਬਠਿੰਡਾ, ਮਾਨਸਾ, ਸੰਗਰੂਰ, ਮਾਨਸਾ, ਪਟਿਆਲਾ, ਫਿਰੋਜ਼ਪੁਰ ਤੋਂ ਦਰਜਨਾਂ ਕਾਫ਼ਲੇ ਟਿਕਰੀ ਅਤੇ ਸਿੰਘੂ ਬਾਰਡਰ, ਦਿੱਲੀ ਲਈ ਹੋਏ।
ਖੇਤੀ ਕਾਨੂੰਨਾਂ ਖ਼ਿਲਾਫ਼ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ’ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਅੱਗੇ ਧਰਨੇ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਅੱਜ ਵੀ ਧਰਨੇ ਜਾਰੀ ਰਹੇ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਤਿੰਨੇ ਖੇਤੀ ਕਾਨੂੰਨ ਰੱਦ ਕਰਾਉਣ ਤੇ ਹੋਰਨਾਂ ਮੰਗਾਂ ਦੀ ਪ੍ਰਾਪਤੀ ਲਈ ਦ੍ਰਿੜ੍ਹ ਹਨ ਤੇ ਇਹ ਸੰਘਰਸ਼ ਕਿਸੇ ਤਰ੍ਹਾਂ ਦੀਆਂ ਪਾਬੰਦੀਆਂ ਨਾਲ ਡੱਕਿਆ ਨਹੀਂ ਜਾ ਸਕਦਾ। ਧਰਨਿਆਂ ’ਚ ਅੱਜ ਦਾ ਦਿਨ ਕਿਸਾਨਾਂ ਨੇ ਲੋਕ ਕਵੀ ਸੰਤ ਰਾਮ ਉਦਾਸੀ ਅਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸੱਦਾ ਦਿੱਤਾ ਕਿ ਜਿਹੜੇ ਪਿੰਡਾਂ ’ਚ ਹਾੜ੍ਹੀ ਦਾ ਕੰਮ ਨਿੱਬੜ ਗਿਆ ਹੈ, ਉੱਥੋਂ ਵੱਧ ਤੋਂ ਵੱਧ ਕਿਸਾਨ-ਮਜ਼ਦੂਰ ਦਿੱਲੀ ਦੀਆਂ ਹੱਦਾਂ ’ਤੇ ਪਹੁੰਚਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ ਤਿਆਰ-ਬਰ-ਤਿਆਰ ਰਹਿਣਾ ਚਾਹੀਦਾ ਹੈ। ਉਧਰ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲਾ ਰਾਏਪੁਰ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਪੱਕੇ ਮੋਰਚੇ ’ਤੇ ਕਿਸਾਨ ਬੀਬੀਆਂ ਨੇ ਪਹਿਰਾ ਲਾ ਦਿੱਤਾ ਹੈ। ਬੀਬੀਆਂ ਨੇ ਐਲਾਨ ਕੀਤਾ ਹੈ ਕਿ ਵਾਢੀ ਦੌਰਾਨ ਰਾਤ ਨੂੰ ਵੀ ਔਰਤਾਂ ਮੋਰਚੇ ਉੱਤੇ ਡਟਣਗੀਆਂ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਕੁਝ ਅਨਾਜ ਮੰਡੀਆਂ ਵਿੱਚ ਬਾਰਦਾਨੇ ਦੀ ਕਿੱਲਤ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਟੀਮਾਂ ਬਣਾ ਕੇ ਮੰਡੀਆਂ ਵਿੱਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ। ਸਰਕਾਰ ਖ਼ਿਲਾਫ਼ ਮੁਜ਼ਾਹਰੇ ਵੀ ਕੀਤੇ ਗਏ ਹਨ। ਮੌਸਮ ਖ਼ਰਾਬ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਬਾਰਦਾਨੇ ਦੀ ਘਾਟ ਪੂਰੀ ਕਰਦਿਆਂ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਮੁਕੰਮਲ ਕਰਨ ਦੀ ਮੰਗ ਕੀਤੀ।
ਸੰਸਦ ਘੇਰਨ ਦਾ ਪ੍ਰੋਗਰਾਮ ਮੁਲਤਵੀ ਕਰਨ ਦੇ ਫ਼ੈਸਲੇ ਦੀ ਦਲ ਖਾਲਸਾ ਵੱਲੋਂ ਨਿਖੇਧੀ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਈ ਮਹੀਨੇ ਸੰਸਦ ਘੇਰਨ ਦੇ ਦਿੱਤੇ ਪ੍ਰੋਗਰਾਮ ਨੂੰ ਦੂਜੀ ਵਾਰ ਮੁਲਤਵੀ ਕਰਨ ਦੇ ਫ਼ੈਸਲੇ ਦੀ ਸਿੱਖ ਜਥੇਬੰਦੀ ਦਲ ਖਾਲਸਾ ਨੇ ਨਿਖੇਧੀ ਕੀਤੀ ਹੈ। ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਮੋਰਚੇ ਦੇ ਆਗੂਆਂ ਵੱਲੋਂ ਆਪਣੇ ਪ੍ਰੋਗਰਾਮ ਵਾਰ ਵਾਰ ਬਦਲੇ ਜਾ ਰਹੇ ਹਨ। ਇਸ ਨਾਲ ਨੌਜਵਾਨ ਵਰਗ ਨੂੰ ਨਿਰਾਸ਼ਾ ਹੋਈ ਹੈ।