ਖੇਤਰੀ ਪ੍ਰਤੀਨਿਧ
ਪਟਿਆਲਾ, 23 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੋਬਿੰਦ ਘਾਟ ਤੋਂ ਹੇਮਕੁੰਟ ਸਾਹਿਬ ਤੱਕ ਰੋਪਵੇਅ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਸਿੱਖਾਂ ਦੀ ਸਿਰਮੌਰ ਸੰਸਥਾ ਵੱਲੋਂ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ, ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੀਆਂ ਗਰਮੀਆਂ ਦੇ ਦਿਨਾਂ ਵਿੱਚ ਇਸ ਰੋਪਵੇਅ ਨੂੰ ਮੁਕੰਮਲ ਕਰ ਦਿੱਤਾ ਜਾਂਦਾ ਹੈ ਤਾਂ ਸਿੱਖ ਸ਼ਰਧਾਲੂ ਸੌਖੇ ਤਰੀਕੇ ਨਾਲ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਸਕਣਗੇ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਜਥੇਦਾਰ ਪੰਜੋਲੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੁੱਚੀ ਸਿੱਖ ਕੌਮ ਵੱਲੋਂ ਉਨ੍ਹਾਂ ਦਾ ਧੰਨਵਾਦ ਕਰਦੀ ਹੈ। ਸ੍ਰੀ ਪੰਜੋਲੀ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਡਾਂਗਮਾਰ ਸਾਹਿਬ, ਮੰਗੂਮੱਠ ਸਾਹਿਬ, ਸਿੱਖ ਬੰਦੀ ਸਿੰਘਾਂ ਦੀ ਰਿਹਾਈ, ਸਿੱਖ ਇਕ ਵੱਖਰੀ ਕੌਮ ਨੂੰ ਭਾਰਤ ਦੇ ਸੰਵਿਧਾਨ ਵਿੱਚ ਮਾਨਤਾ ਦੇਣ, ਸਿੱਖ ਬੱਚਿਆਂ ਦਾ ਫੌਜ ਦੀ ਭਰਤੀ ਵਿੱਚ ਕੋਟਾ 2 ਫੀਸਦੀ ਤੋਂ ਵਧਾ ਕੇ 5 ਫੀਸਦੀ ਕਰਨ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਕੀਤੇ ਗਏ ਲਾਂਘੇ ਦੇ ਪ੍ਰਬੰਧ ਵਾਂਗ ਹੀ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਰਾ ਸਾਹਿਬ ਆਦਿ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਬਾਰਡਰ ਰਾਹੀਂ ਮੌਕੇ ’ਤੇ ਹੀ ਵੀਜ਼ੇ ਦਾ ਪ੍ਰਬੰਧ ਕਰਨ ’ਤੇ ਵੀ ਜ਼ੋਰ ਦਿੱਤਾ ਹੈ। ਉਨ੍ਹਾਂ ਸਿੱਖ ਪੰਥ ਦੇ ਮਸਲਿਆਂ ਸਬੰਧੀ ਪ੍ਰਧਾਨ ਮੰਤਰੀ ਕੋਲੋਂ ਮੁਲਾਕਾਤ ਦਾ ਸਮਾਂ ਵੀ ਮੰਗਿਆ ਹੈ।