ਪੱਤਰ ਪ੍ਰੇਰਕ
ਪਠਾਨਕੋਟ, 4 ਅਗਸਤ
ਗੁਰਦਾਸਪੁਰ ਸੰਸਦੀ ਹਲਕੇ ਦੇ ਸੰਸਦ ਮੈਂਬਰ ਸਨੀ ਦਿਓਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿਸਾਰਾ ਦੇਸ਼ ਪੰਜਾਬ ਦੇ ਮਾਝਾ ਖੇਤਰ ਵਿਚ ਸ਼ਰਾਬ ਕਾਰਨ ਹੋਈਆਂ ਮੌਤਾਂ ਕਾਰਨ ਦੁਖੀ ਅਤੇ ਹੈਰਾਨ ਹੈ। ਇਸ ਘਟਨਾ ਵਿਚ 119 ਤੋਂ ਵੱਧ ਲੋਕਾਂ ਦੀ ਮੌਤ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿਚ ਸੂਹੀਆ ਏਜੰਸੀਆਂ ਪੂਰੀ ਤਰ੍ਹਾਂ ਅਸਫ਼ਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਨਾਜਾਇਜ਼ ਸ਼ਰਾਬ ਮਾਫ਼ੀਆ ਦਾ ਸਰਗਨਾ ਬਟਾਲਾ ਵਿਚ ਲੰਮੇ ਸਮੇਂ ਤੋਂ ਸਰਗਰਮ ਹੈ। ਉਨ੍ਹਾਂ ਆਖਿਆ ਕਿ ਕੁਝ ਅਧਿਕਾਰੀਆਂ ਜਾਂ ਆਗੂਆਂ ਦੀ ਸ਼ਹਿ ਤੋਂ ਬਿਨਾਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨਾ ਸੰਭਵ ਨਹੀਂ ਹੋ ਸਕਦਾ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੇ ਜੋ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇ ਹਨ, ਉਹ ਘਟਨਾ ਤੋਂ ਧਿਆਨ ਹਟਾਉਣ ਦੇ ਬਰਾਬਰ ਹੈ। ਜਦੋਂ ਤਕ ਵਿਸਥਾਰ ਵਿਚ ਜਾਂਚ ਨਹੀਂ ਹੁੰਦੀ, ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਹੋ ਸਕਦੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਖ਼ਤ ਕਾਰਵਾਈ ਦੀ ਅਪੀਲ ਕੀਤੀ।