ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਅਪਰੈਲ
ਗੁਰੂ ਤੇਗ਼ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਇੱਕ ਟੀਵੀ ਚੈਨਲ ਦੇ ਸਹਿਯੋਗ ਨਾਲ ਗੁਰੂ ਤੇਗ਼ ਬਹਾਦਰ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਰੋਜ਼ਾਨਾ ਸਵੇਰੇ 10 ਤੋਂ 12 ਵਜੇ ਤਕ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੀ ਸ਼ੁਰੂਆਤ ਕੀਤੀ, ਜੋ ਇੱਕ ਮਹੀਨਾ ਚੱਲੇਗੀ।
ਇਸ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਗੁਰੂ ਤੇਗ਼ ਬਹਾਦਰ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸਮੁੱਚੀਆਂ ਸਿੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਪਹਿਲੀ ਮਈ ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਗਤਾਂ ਅੱਜ ਤੋਂ 1 ਮਈ ਤੱਕ ਸਵੇਰੇ 10 ਤੋਂ 12 ਵਜੇ ਤੱਕ ‘ਪੀਟੀਸੀ ਸਿਮਰਨ’ ’ਤੇ ਗੁਰਬਾਣੀ ਕੀਰਤਨ ਸਰਵਣ ਕਰ ਸਕਣਗੀਆਂ।