ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਰਜ਼ਾ ਮੁਆਫ਼ੀ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੀ: ਚੀਮਾ

ਵਿੱਤ ਮੰਤਰੀ ਨੇ ਕਿਹਾ ਕਿ ਦੋ ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਸਨ ਪਰਿਵਾਰ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 3 ਜੂਨ

Advertisement

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ 4,727 ਗ਼ਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ 68 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਨਾਲ ਗ਼ਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਇਹ ਪਰਿਵਾਰ ਦੋ ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ ਕੀਤੀ ਗਈ ਕੁੱਲ 68 ਕਰੋੜ ਰੁਪਏ ਵਿੱਚੋਂ 30 ਕਰੋੜ ਰੁਪਏ ਮੂਲ, 22 ਕਰੋੜ ਰੁਪਏ ਵਿਆਜ ਅਤੇ 15 ਕਰੋੜ ਰੁਪਏ ਜੁਰਮਾਨਾ ਵਿਆਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਰੀਬ ਪਰਿਵਾਰਾਂ ਵੱਲੋਂ ਵਾਰ-ਵਾਰ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਤੱਕ ਪਹੁੰਚ ਕੀਤੀ, ਪਰ ਉਨ੍ਹਾਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਜਾਰੀ ਕੀਤੇ ਗਏ ਕਰਜ਼ਿਆਂ ਦੀ ਮੁੜ ਅਦਾਇਗੀ (ਰਿਕਵਰੀ) 84 ਫ਼ੀਸਦ ਹੈ ਜੋ ਆਮ ਨਾਲੋਂ ਵੱਧ ਹੈ। ਇਸ ਤੋਂ ਸਪਸ਼ਟ ਹੈ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਕਰਜ਼ੇ ਦੀ ਵਰਤੋਂ ਰੋਜ਼ੀ-ਰੋਟੀ ਕਮਾਉਣ ਵਾਸਤੇ ਵਸੀਲੇ ਤਿਆਰ ਕਰਨ ਲਈ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਕੁਝ ਕਰਜ਼ੇ ਮੂਲ ਕਰਜ਼ਦਾਰਾਂ ਦੇ ਦੇਹਾਂਤ ਜਾਂ ਨਾ ਟਾਲਣਯੋਗ ਹਾਲਾਤ ਕਾਰਨ ਅਦਾਇਗੀ ਨਾ ਕੀਤੇ ਜਾ ਸਕਣ ਕਾਰਨ ਬਕਾਇਆ ਸਨ। ਇਸ ਲਈ ਪੰਜਾਬ ਸਰਕਾਰ ਨੇ ਇਨ੍ਹਾਂ ਕਰਜ਼ਿਆਂ ਨੂੰ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ।

ਖੇਤ ਮਜ਼ਦੂਰ ਯੂਨੀਅਨ ਨੇ ਐੱਸਸੀਜ਼ ਦੀ ਕਰਜ਼ਾ ਮੁਆਫੀ ਨੂੰ ਨਿਗੂਣਾ ਦੱਸਿਆ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਐੱਸਸੀ ਭਾਈਚਾਰੇ ਦੇ 4727 ਪਰਿਵਾਰਾਂ ਦੇ 68 ਕਰੋੜ ਰੁਪਏ ਕਰਜ਼ੇ ਮੁਆਫ਼ ਕਰਨ ਨੂੰ ਨਿਗੁਣੀ ਰਾਹਤ ਕਰਾਰਿਆ ਹੈ। ਜਥੇਬੰਦੀ ਨੇ ਖੇਤ ਮਜ਼ਦੂਰਾਂ ਦਾ ਮਾਈਕਰੋ ਫਾਈਨਾਂਸ ਕੰਪਨੀਆਂ ਸਣੇ ਚੜਿਆ ਸਮੁੱਚਾ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਕਿਹਾ ਕਿ ਪੰਜਾਬ ਦੇ ਲਗਪਗ ਛੇ ਲੱਖ ਪਰਿਵਾਰਾਂ ਵਿੱਚੋਂ 84 ਫ਼ੀਸਦੀ ਪਰਿਵਾਰਾਂ ਸਿਰ ਛੇ ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੈ। ਇਸ ਵਿੱਚੋਂ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਵਿੱਚੋਂ ਸਭ ਤੋਂ ਵੱਧ ਕਰਜ਼ਾ ਮਾਈਕਰੋ ਫਾਈਨਾਂਸ ਕੰਪਨੀਆਂ ਦਾ ਹੈ, ਜਿਹੜਾ ਲਗਾਤਾਰ ਵੱਧ ਰਿਹਾ ਹੈ। ਇਸ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਮਜ਼ਦੂਰਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ।

Advertisement
Show comments