ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ/ਟੱਲੇਵਾਲ, 31 ਮਾਰਚ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲੰਬੀ ਲਾਠੀਚਾਰਜ ਮਾਮਲੇ ਵਿੱਚ ਭਲਕੇ ਪਹਿਲੀ ਅਪਰੈਲ ਨੂੰ ਮੁਕਤਸਰ ਡੀਸੀ ਦਫ਼ਤਰ ਅੱਗੇ ਸੂਬਾ ਪੱਧਰ ਦਾ ਵੱਡਾ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕੀਤਾ ਹੈ।
ਇਸ ਤੋਂ ਪਹਿਲਾਂ ਕਿਸਾਨਾਂ ਨੇ ਤਹਿਸੀਲ ਲੰਬੀ ਦੇ ਨਾਇਬ ਤਹਿਸੀਲਦਾਰ ਦਾ ਘਿਰਾਓ ਕੀਤਾ ਸੀ ਜਿਸ ਕਾਰਨ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਸੀ। ਬੀਕੇਯੂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਅਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਲੰਬੀ ਵਿਚ ਹਾਲਾਤ ਵਿਗਾੜਨ ਵਿੱਚ ਕੁਝ ਸਿਵਲ ਤੇ ਪੁਲੀਸ ਅਧਿਕਾਰੀਆਂ ਦਾ ਹੱਥ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਜੇਕਰ ਸਰਕਾਰ ਹੁਣ ਵੀ ਨਰਮੇ ਦੇ ਖਰਾਬੇ ਦਾ ਮੁਆਵਜ਼ਾ ਦੇਣ ਅਤੇ ਰਹਿੰਦੇ ਨਰਮਾ ਉਤਪਾਦਕਾਂ ਦਾ ਨਾਮ ਸੂਚੀ ’ਚ ਸ਼ਾਮਲ ਕਰਨ ਅਤੇ ਲੰਬੀ ’ਚ ਦਰਜ ਕੇਸ ਰੱਦ ਕਰਨ ਦੇ ਨਾਲ-ਨਾਲ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰਦੀ ਤਾਂ ਸੰਘਰਸ਼ ਅਣਮਿਥੇ ਸਮੇਂ ਲਈ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਭਲਕੇ ਦੇ ਸੂਬਾਈ ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਤੇ ਖੇਤ ਮਜ਼ਦੂਰ ਸ਼ਾਮਲ ਹੋਣਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਕਤਸਰ ਦੇ ਡੀਸੀ ਉਪਰ ਵਿਭਾਗੀ ਕਾਰਵਾਈ ਕੀਤੀ ਜਾਵੇ।