ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 1 ਸਤੰਬਰ
ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਪਸ਼ੂ ਪਾਲਣ ਮੰਤਰੀ ਪੁਰਸ਼ੋਤਮ ਰੁਪਾਣਾ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਪੰਜਾਬ ਦੇ ਹਰ ਪਿੰਡ ਵਿਚ ਲਿੰਪੀ ਸਕਿਨ ਦੀ ਬਿਮਾਰੀ ਨੇ ਪਸ਼ੂਆਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਰਸਾਈ ਇਸ ਬਿਮਾਰੀ ਨਾਲ ਪ੍ਰਭਾਵਿਤ ਅਤੇ ਮਰੇ ਹੋਏ ਪਸ਼ੂਆਂ ਦੀ ਗਿਣਤੀ ਡੇਅਰੀ ਫਾਰਮਰ ਐਸੋਸੀਏਸ਼ਨਾਂ ਵੱਲੋਂ ਦੱਸੀ ਗਿਣਤੀ ਦਾ 10ਵਾਂ ਹਿੱਸਾ ਹੈ। ਰਾਜ ਸਰਕਾਰ ਦਾ ਦਾਅਵਾ ਹੈ ਕਿ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੀ ਕੁੱਲ ਗਿਣਤੀ 1.25 ਲੱਖ ਹੈ ਜਦਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦਾ ਦਾਅਵਾ ਹੈ ਕਿ ਮਰੇ ਹੋਏ ਪਸ਼ੂਆਂ ਦੀ ਗਿਣਤੀ ਹੀ 1.25 ਲੱਖ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਭਾਵਿਤ ਪਸ਼ੂਆਂ ਦੀ ਗਿਣਤੀ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ ਕੇਂਦਰੀ ਟੀਮ ਭੇਜੇ ਅਤੇ ਪੰਜਾਬ ਵਿਚ ਇਸ ਪ੍ਰਕੋਪ ਨਾਲ ਨਜਿੱਠਣ ਲਈ ਜੋ ਵੀ ਵਿਗਿਆਨਕ ਅਤੇ ਵਿੱਤੀ ਸਰੋਤਾਂ ਦੀ ਲੋੜ ਹੈ ਉਹ ਮੁਹੱਈਆ ਕਰਵਾਏ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਤਕ ਪਸ਼ੂਆਂ ਦੇ ਮਾਲਕਾਂ ਨੂੰ ਯਕਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਵੇ।