ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਗਸਤ
ਪੰਜਾਬ ਵਿੱਚ ਲੰਪੀ ਸਕਿਨ ਦੀ ਬਿਮਾਰੀ ਨਾਲ ਪਸ਼ੂਆਂ ਦੀਆਂ ਹੋ ਰਹੀਆਂ ਮੌਤਾਂ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਮੁਆਵਜ਼ਾ ਦੇਣ ਦੀ ਸਥਿਤੀ ਗੁੰਝਲਦਾਰ ਬਣੀ ਹੋਈ ਹੈ। ਮਾਹਿਰਾਂ ਵੱਲੋਂ ਦਿੱਤੀਆਂ ਗਈਆਂ ਰਿਪੋਰਟਾਂ ਅਨੁਸਾਰ ਇਨ੍ਹਾਂ ਮਾਮਲਿਆਂ ਵਿੱਚ ਮੁਆਵਜ਼ਾ ਮਿਲਣ ਦੇ ਆਸਾਰ ਬਹੁਤ ਘੱਟ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਬਿਮਾਰੀ ਨਾਲ ਪਸ਼ੂਆਂ ਦੀ ਮੌਤ ਹੋਣ ਦੀ ਸੂਰਤ ਵਿੱਚ ਮੁਆਵਜ਼ਾ ਦੇਣ ਲਈ ਮ੍ਰਿਤਕ ਪਸ਼ੂ ਦਾ ਪੋਸਟਮਾਰਟਮ ਹੋਣਾ ਲਾਜ਼ਮੀ ਹੈ, ਜਦਕਿ ਲੰਪੀ ਸਕਿਨ ਕਾਰਨ ਮਰੀਆਂ ਗਊਆਂ ਦਾ ਪੋਸਟਮਾਰਟਮ ਨਹੀਂ ਕੀਤਾ ਜਾ ਸਕਦਾ। ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਸਾਲ ਹੀ ਜੁਲਾਈ ਮਹੀਨੇ ਦੌਰਾਨ ਲਾਗ ਲੱਗਣ ਜਾਂ ਬਿਮਾਰੀਆਂ ਕਾਰਨ ਮਰਨ ਵਾਲੇ ਪਸ਼ੂਆਂ ਦੀ ਗਿਣਤੀ ਆਮ ਨਾਲੋਂ ਜ਼ਿਆਦਾ ਹੁੰਦੀ ਹੈ ਤੇ ਹਰ ਸਾਲ ਇਸ ਮਹੀਨੇ ਦੌਰਾਨ ਲਗਪਗ ਪੰਜ ਸੌ ਪਸ਼ੂਆਂ ਦਾ ਪੋਸਟਮਾਰਟਮ ਹੁੰਦਾ ਰਿਹਾ ਹੈ, ਪਰ ਇਸ ਸਾਲ ਪਸ਼ੂਆਂ ’ਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਕਾਰਨ ਇੱਕ ਮਹੀਨੇ ਵਿੱਚ ਪੰਜ ਹਜ਼ਾਰ ਤੋਂ ਵੱਧ ਗਊਆਂ ਦੀ ਮੌਤ ਹੋਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਹੁਣ ਤੱਕ ਸਾਢੇ ਪੰਜ ਹਜ਼ਾਰ ਦੇ ਕਰੀਬ ਪਸ਼ੂ ਮਾਰੇ ਗਏ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਗਊਆਂ ਦੀ ਹੈ, ਜਦਕਿ ਬਿਮਾਰ ਪਸ਼ੂਆਂ ਦਾ ਅੰਕੜਾ ਇੱਕ ਲੱਖ ਦੇ ਕਰੀਬ ਪਹੁੰਚ ਗਿਆ ਹੈ।