ਕੁਲਦੀਪ ਸਿੰਘ
ਚੰਡੀਗੜ੍ਹ, 27 ਅਗਸਤ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਅਰੁਣਾ ਚੌਧਰੀ ਨੂੰ ਆਂਗਣਵਾੜੀ ਯੂਨੀਅਨ ਆਗੂਆਂ ਨਾਲ ਲੰਚ ਡਿਪਲੋਮੇਸੀ ਉਦੋਂ ਰਾਸ ਨਾ ਆਈ, ਜਦੋਂ ਯੂਨੀਅਨ ਆਗੂਆਂ ਨੇ ਲੰਚ ਉਪਰੰਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਮੁੱਖ ਮੰਤਰੀ ਵਾਲੇ ਧੰਨਵਾਦੀ ਮਤੇ ’ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਆਪਣਾ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ। ਮਿਲੀ ਜਾਣਕਾਰੀ ਮੁਤਾਬਕ ਮੰਤਰੀ ਅਰੁਣਾ ਚੌਧਰੀ ਵੱਲੋਂ ਆਂਗਣਵਾੜੀ ਯੂਨੀਅਨ ਆਗੂਆਂ ਨੂੰ ਅੱਜ ਪੰਜਾਬ ਭਵਨ ਚੰਡੀਗੜ੍ਹ ਵਿੱਚ ਸੱਦਾ ਪੱਤਰ ਭੇਜ ਕੇ ਮੀਟਿੰਗ ਲਈ ਸੱਦਿਆ ਗਿਆ ਸੀ। ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਸੀ ਕਿ ਮੀਟਿੰਗ ਵਿੱਚ ਸਿਰਫ਼ ਮਹਿਕਮੇ ਦੀਆਂ ਸਕੀਮਾਂ ਹੀ ਦੱਸੀਆਂ ਜਾਣਗੀਆਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਬਾਰੇ ਕੋਈ ਗੱਲ ਨਹੀਂ ਹੋਵੇਗੀ। ਮੀਟਿੰਗ ਵਿੱਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ, ਦਫ਼ਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ, ਸਤਵੰਤ ਕੌਰ ਭੋਗਪੁਰ ਤੇ ਗੁਰਅੰਮ੍ਰਿਤ ਕੌਰ ਸਿੱਧਵਾਂ ਬੇਟ ਹਾਜ਼ਰ ਹੋਈਆਂ।
ਸੂਤਰਾਂ ਅਨੁਸਾਰ ਮੰਤਰੀ ਅਰੁਣਾ ਚੌਧਰੀ ਅਸਲ ਵਿੱਚ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿੱਚ ਕੀਤੇ ਗਏ ਕ੍ਰਮਵਾਰ 600 ਤੇ 300 ਰੁਪਏ ਵਾਧੇ ਦੇ ਧੰਨਵਾਦੀ ਮਤੇ ’ਤੇ ਦਸਤਖ਼ਤ ਕਰਾਉਣਾ ਚਾਹੁੰਦੇ ਸੀ ਪਰ ਆਗੂਆਂ ਨੇ ਦਸਤਖ਼ਤ ਕਰਨ ਤੋਂ ਇਨਕਾਰ ਕਰਦਿਆਂ ਤਰਕ ਦਿੱਤਾ ਕਿ ਇਹ ਪੈਸੇ ਤਾਂ ਅਕਤੂਬਰ, 2018 ਵਿੱਚ ਕੇਂਦਰ ਸਰਕਾਰ ਨੇ ਵਧਾਏ ਸਨ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਵਰਕਰਾਂ ਤੇ ਹੈਲਪਰਾਂ ਦੇ ਇਹ ਪੈਸੇ ਰੋਕੀ ਬੈਠੀ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੰਗਾਂ ਮੰਨੇ ਜਾਣ ਤੱਕ ਸਰਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਪੰਜਾਬ ਦੇ ਆਂਗਣਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਮਜ਼ਬੂਤ: ਚੌਧਰੀ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਸੂਬੇ ਦੇ ਆਂਗਣਵਾੜੀ ਕੇਂਦਰਾਂ ਨੂੰ ਪੜਾਅਵਾਰ ਮਾਡਲ ਆਂਗਣਵਾੜੀ ਕੇਂਦਰਾਂ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਛੋਟੇ ਬੱਚਿਆਂ ਵਿੱਚ ਸਿੱਖਣ ਦੀ ਰੁਚੀ ਪੈਦਾ ਕਰਨ ਲਈ ਨਵੀਆਂ ਸਿੱਖਣ ਤਕਨੀਕਾਂ ਅਤੇ ਰੰਗਦਾਰ ਪੇਂਟਿੰਗਾਂ ’ਤੇ ਜ਼ੋਰ ਦਿੱਤਾ ਜਾਵੇਗਾ। ਇੱਥੇ ਪੰਜਾਬ ਭਵਨ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਆਂਗਣਵਾੜੀ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ ਹੋਈ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਕਿਰਾਏ ਦੀਆਂ ਇਮਾਰਤਾਂ ਜਾਂ ਹੋਰ ਥਾਵਾਂ ’ਤੇ ਚੱਲਦੇ ਆਂਗਣਵਾੜੀ ਸੈਂਟਰਾਂ ਨੂੰ ਆਪਣੀਆਂ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇਗਾ ਤਾਂ ਜੋ ਬੱਚੇ ਸੁਰੱਖਿਅਤ ਮਾਹੌਲ ਵਿੱਚ ਰਹਿ ਸਕਣ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਬੰਦ ਕੀਤੇ ਆਂਗਣਵਾੜੀ ਕੇਂਦਰਾਂ ਨੂੰ ਛੇਤੀ ਹੀ ਬੱਚਿਆਂ ਲਈ ਖੋਲ੍ਹਿਆ ਜਾਵੇਗਾ।