ਚਰਨਜੀਤ ਭੁੱਲਰ
ਚੰਡੀਗੜ੍ਹ, 5 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਅਤੇ ਹੋਰ ਸੂਬਿਆਂ ਦੇ ਵਡੇਰੇ ਹਿੱਤ ਵਿੱਚ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਭੂਗੋਲਿਕ ਸੰਕੇਤਕ ਦਰਜੇ (ਜੀਆਈ ਟੈਗ) ਦੀ ਇਜਾਜ਼ਤ ਨਾ ਦੇਣ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ। ਚੇਤੇ ਰਹੇ ਕਿ ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਕੁਝ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਬਾਸਮਤੀ ਲਈ ਜੀਆਈ ਟੈਗ ਮਿਲਿਆ ਹੋਇਆ ਹੈ। ਮੱਧ ਪ੍ਰਦੇਸ਼ ਨੂੰ ਜੀਆਈ ਟੈਗ ਦੇਣ ਨਾਲ ਪੰਜਾਬ ਦੀ ਮਹਿਕ ਵਾਲੀ ਬਾਸਮਤੀ ਦੀ ਪੈਦਾਵਾਰ ਦੇ ਦਰਜੇ ਨੂੰ ਸੱਟ ਵੱਜ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਮੱਧ ਪ੍ਰਦੇਸ਼ ਦੇ ਕਿਸੇ ਵੀ ਦਾਅਵੇ ਨਾਲ ਭਾਰਤ ਦੀ ਬਰਾਮਦ ਸਮਰੱਥਾ ’ਤੇ ਪੈਣ ਵਾਲੇ ਮਾੜੇ ਅਸਰ ਬਾਰੇ ਫਿਕਰਮੰਦੀਆਂ ਜ਼ਾਹਿਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ, ਹਰ ਸਾਲ 33,000 ਕਰੋੜ ਰੁਪਏ ਦੀ ਬਾਸਮਤੀ ਬਰਾਮਦ ਕਰਦਾ ਹੈ, ਪਰ ਭਾਰਤੀ ਬਾਸਮਤੀ ਦੀ ਰਜਿਸਟਰੇਸ਼ਨ ਵਿੱਚ ਕਿਸੇ ਤਰ੍ਹਾਂ ਦੀ ਛੇੜਛਾੜ ਨਾਲ ਬਾਸਮਤੀ ਦੀਆਂ ਵਿਸ਼ੇਸ਼ਤਾਵਾਂ ਅਤੇ ਗੁਣਵੱਤਾ ਪੈਮਾਨੇ ਦੇ ਰੂਪ ਵਿੱਚ ਕੌਮਾਂਤਰੀ ਮਾਰਕੀਟ ਵਿੱਚ ਪਾਕਿਸਤਾਨ ਨੂੰ ਫ਼ਾਇਦਾ ਹੋ ਸਕਦਾ ਹੈ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਜੀਆਈ ਟੈਗ ਦੇ ਆਰਥਿਕ ਅਤੇ ਸਮਾਜਿਕ ਮਹੱਤਤਾ ਨਾਲ ਜੁੜੇ ਮੁੱਦੇ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਜੀਆਈ ਟੈਗ ਦੇਣ ਨਾਲ ਸੂਬੇ ਦੇ ਖੇਤੀਬਾੜੀ ਖੇਤਰ ਅਤੇ ਬਾਸਮਤੀ ਬਰਾਮਦਕਾਰਾਂ ’ਤੇ ਬੁਰਾ ਅਸਰ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜੀਓਗ੍ਰਾਫੀਕਲ ਇੰਡੀਕੇਸ਼ਨਜ਼ ਆਫ ਗੁਡਜ਼ (ਰਜਿਸਟ੍ਰੇਸ਼ਨ ਐਂਡ ਪ੍ਰੋਟੈਕਸ਼ਨ) ਐਕਟ 1999 ਮੁਤਾਬਿਕ ਜੀਆਈ ਟੈਗ ਖੇਤੀਬਾੜੀ ਵਸਤਾਂ ਲਈ ਜਾਰੀ ਕੀਤਾ ਜਾ ਸਕਦਾ ਹੈ ਜੋ ਮੂਲ ਤੌਰ ’ਤੇ ਇਕ ਮੁਲਕ ਦੇ ਪ੍ਰਦੇਸ਼ ਜਾਂ ਖ਼ਿੱਤੇ ਜਾਂ ਰਾਜ ਦੇ ਖੇਤਰ ਨਾਲ ਸਬੰਧਤ ਹੋਵੇ ਜਿੱਥੇ ਅਜਿਹੀਆਂ ਵਸਤਾਂ ਦੀ ਗੁਣਵੱਤਾ, ਪ੍ਰਸਿੱਧੀ ਜਾਂ ਹੋਰ ਵਿਸ਼ੇਸ਼ਤਾਵਾਂ ਇਸ ਦੀ ਭੌਤਿਕ ਉਤਪਤੀ ਦੀ ਵਿਸ਼ੇਸ਼ਤਾ ਨੂੰ ਦਰਸਾਉਂਦੀਆਂ ਹੋਣ। ਬਾਸਮਤੀ ਦੇ ਰਵਾਇਤੀ ਪੈਦਾਵਾਰ ਵਾਲੇ ਖੇਤਰਾਂ ਨੂੰ ਜੀਆਈ ਟੈਗ ਇਸ ਦੀ ਵਿਸ਼ੇਸ਼ ਮਹਿਕ, ਗੁਣਵੱਤਾ ਅਤੇ ਅਨਾਜ ਦੇ ਸਵਾਦ ’ਤੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਸਮਤੀ ਦੀ ਟੈਗਿੰਗ ਲਈ ਮੱਧ ਪ੍ਰਦੇਸ਼ ਦੇ ਕਿਸੇ ਵੀ ਇਲਾਕੇ ਨੂੰ ਸ਼ਾਮਲ ਕਰਨ ਦਾ ਕਦਮ ਜੀਆਈ ਟੈਗਿੰਗ ਦੇ ਅਮਲ ਅਤੇ ਕਾਨੂੰਨਾਂ ਦੀ ਸਿੱਧੀ ਉਲੰਘਣਾ ਹੋਵੇਗੀ। ਅਜਿਹੀ ਕਿਸੇ ਵੀ ਕੋਸ਼ਿਸ਼ ਨਾਲ ਨਾ ਸਿਰਫ਼ ਭਾਰਤ ਦੇ ਵਿਸ਼ੇਸ਼ ਇਲਾਕੇ ਵਿੱਚ ਮਹਿਕਦਾਰ ਬਾਸਮਤੀ ਪੈਦਾਵਾਰ ਦੇ ਦਰਜੇ ਨੂੰ ਸੱਟ ਵੱਜੇਗੀ, ਸਗੋਂ ਭਾਰਤੀ ਸੰਦਰਭ ਵਿੱਚ ਜੀਆਈ ਟੈਗਿੰਗ ਦੇ ਮੰਤਵ ਨੂੰ ਵੀ ਢਾਹ ਲੱਗੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੱਧ ਪ੍ਰਦੇਸ਼ ਦੀ ਜੀਆਈ ਟੈਗ ਦੀ ਮੰਗ ਪਹਿਲਾਂ ਵੀ ਵੱਖ ਵੱਖ ਪੱਧਰਾਂ ’ਤੇ ਰੱਦ ਹੋ ਚੁੱਕੀ ਹੈ।
ਕੈਪਟਨ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼ ਕੀਤਾ, ਜੋ ਯੁਵਕ ਸੇਵਾਵਾਂ ਤੇ ਖੇਡ ਵਿਭਾਗ ਤੇ ‘ਯੁਵਾਹ’- ਜੋ ਯੂਨੀਸੈੱਫ, ਯੂ.ਐੱਨ. ਏਜੰਸੀਆਂ, ਸਿਵਲ ਸੁਸਾਇਟੀ ਦੇ ਸੰਗਠਨਾਂ ਤੇ ਨਿੱਜੀ ਖੇਤਰ ਦਾ ਉੱਦਮ ਹੈ, ਦੀ ਸਾਂਝੀ ਕੋਸ਼ਿਸ਼ ਹੈ। ਇਸ ਤਹਿਤ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਫਨੇ ਪੂਰੇ ਕਰਨ ਅਤੇ ਆਪਣੇ ਭਾਈਚਾਰੇ ਵਿਚ ਬਦਲਾਅ ਦੇ ਦੂਤ ਬਣਨ ਤੇ ਹੋਰ ਨੌਜਵਾਨਾਂ ਨੂੰ ਆਪਣੇ ਜੀਵਨ ਦਾ ਮਕਸਦ ਹਾਸਲ ਕਰਵਾਉਣ ਲਈ ਮਦਦ ਕੀਤੀ ਜਾਵੇਗੀ। ਇਸ ਉੱਦਮ ਦੀ ਸ਼ੁਰੂਆਤ ਸਰਵੇਖਣ ਤੋਂ ਕੀਤੀ ਜਾਵੇਗੀ, ਜਿਸ ਵਿਚ ‘ਯੁਵਾਹ’ ਅਤੇ ਯੂਨੀਸੈੱਫ ਵੀ ਮਦਦਗਾਰ ਹੋਣਗੇ ਅਤੇ ਪੰਜਾਬ ਦੇ ਨੌਜਵਾਨ ਵਰਗ ਨੂੰ ਦਰਪੇਸ਼ ਚੁਣੌਤੀਆਂ ਦੀ ਸੁਣਵਾਈ ਕਰਦਿਆਂ ਉਨ੍ਹਾਂ ਦੀਆਂ ਇੱਛਾਵਾਂ ਜਾਣਨ ਦੀ ਕੋਸ਼ਿਸ਼ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਨੌਜਵਾਨ ਵਰਗ ਲਈ ਰੁਜ਼ਗਾਰ ਮੁਹੱਈਆ ਕਰਨ ਅਤੇ ਉਨ੍ਹਾਂ ਅੰਦਰ ਲੁਕੇ ਹੁਨਰ ਦੀ ਭਾਵਨਾ ਨੂੰ ਉਜਾਗਰ ਕਰਨ ਲਈ ਪੰਜਾਬ ਸਰਕਾਰ, ਯੂ.ਐੱਨ. ਏਜੰਸੀਆਂ, ਨਿੱਜੀ ਖੇਤਰ ਤੇ ਸਿਵਲ ਸੁਸਾਇਟੀ ਸੰਗਠਨਾਂ ਵੱਲੋਂ ਗੰਭੀਰ ਉਪਰਾਲੇ ਕੀਤੇ ਜਾਣਗੇ। -ਟਨਸ