ਸਿੱਖ ਸਦਭਾਵਨਾ ਦਲ ਤੇ ਐੱਸ ਕੇ ਐੱਮ (ਗੈਰ ਰਾਜਨੀਤਕ) ਵਲੋਂ ਮਹਾ ਪੰਚਾਇਤ 7 ਨੂੰ
ਸਿੱਖ ਸਦਭਾਵਨਾ ਦਲ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ 7 ਦਸੰਬਰ ਨੂੰ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ ਇਨਸਾਫ਼ ਲਈ ਅੰਮ੍ਰਿਤਸਰ (ਹਰਮੰਦਿਰ ਸਾਹਿਬ ਦੇ ਥੜਾ ਸਾਹਿਬ) ਵਿਖੇ ਮਹਾ ਪੰਚਾਇਤ ਕੀਤੀ ਜਾਵੇਗੀ। ਇਸ ਸਬੰਧੀ ਫੈਸਲਾ ਸਿੱਖ ਸਦਭਾਵਨਾ ਦਲ ਦੇ ਕੌਮੀ ਸਰਪ੍ਰਸਤ ਭਾਈ ਬਲਦੇਵ ਸਿੰਘ ਵਡਾਲਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਇਸ ਸਬੰਧੀ ਸਿੱਖ ਸਦਭਾਵਨਾ ਦਲ ਦੇ ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਦੱਸਿਆ ਕਿ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਸਰਕਾਰ ਅਤੇ ਡੀ ਜੀ ਪੀ ਪੰਜਾਬ ਵਲੋਂ ਲਾਪਤਾ 328 ਪਾਵਨ ਸਰੂਪਾਂ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਨਹੀਂ ਕੀਤੀ। ਸੂਬਾ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਅ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪੱਖ ਵਿੱਚ ਭੁਗਤ ਰਹੀ ਹੈ। ਸੂਬਾ ਤੇ ਕੇਂਦਰ ਸਰਕਾਰ ਸਿੱਖਾਂ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿਆਸੀ ਲਿਹਾਜ਼ ਲਈ ਉਠਾ ਕੇ ਮੁੜ ਠੱਪ ਕਰ ਦਿੱਤਾ ਜਾਂਦਾ ਹੈ, ਜਦੋਂ ਕਿ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਲਈ ਭਗਵੰਤ ਮਾਨ ਸਰਕਾਰ ਤੇ ਮੋਦੀ ਸਰਕਾਰ ਬਰਾਬਰ ਦੀਆਂ ਜ਼ਿੰਮੇਵਾਰ ਹਨ।
ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਹਾ ਪੰਚਾਇਤ ਵਿੱਚ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨ ਤਾਂ ਜੋ 328 ਲਾਪਤਾ ਪਾਵਨ ਸਰੂਪਾਂ ਦਾ ਇਨਸਾਫ ਕਰਾਇਆ ਜਾ ਸਕੇ।
