ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 23 ਮਾਰਚ
ਪਿੰਡ ਗੰਢੂਆਂ ਦੀ ਇੱਕ ਔਰਤ ਦੀ ਕਿਸਾਨ ਸੰਘਰਸ਼ ਦੌਰਾਨ ਮੌਤ ਹੋ ਗਈ। ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਨੇ ਦੱਸਿਆ ਕਿ ਮਹਿੰਦਰ ਕੌਰ (65) ਪਤਨੀ ਜੱਗਰ ਸਿੰਘ ਵਾਸੀ ਪਿੰਡ ਗੰਢੂਆਂ ਸ਼ੁਰੂ ਤੋਂ ਹੀ ਕਿਸਾਨ ਸੰਘਰਸ਼ ਨਾਲ ਜੁੜੀ ਹੋਈ ਸੀ। ਉਹ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 21 ਮਾਰਚ ਨੂੰ ਸੁਨਾਮ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਨਫਰੰਸ ਵਿੱਚ ਸ਼ਾਮਲ ਹੋਣ ਆਈ ਸੀ ਕਿ ਉਸ ਦੀ ਅਚਾਨਕ ਸਿਹਤ ਵਿਗੜ ਗਈ। ਉਸ ਨੂੰ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਦਰਬਾਰਾ ਸਿੰਘ ਛਾਜਲਾ ਨੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਲਈ ਮਾਲੀ ਸਹਾਇਤਾ ਦੀ ਮੰਗ ਕੀਤੀ ਹੈ।