ਰਾਜਨ ਮਾਨ
ਮਜੀਠਾ, 15 ਜਨਵਰੀ
ਵਿਧਾਨ ਸਭਾ ਹਲਕਾ ਮਜੀਠਾ ਤੋਂ ਇਸ ਵਾਰ ਦੋ ਭਰਾ ਇੱਕ-ਦੂਜੇ ਖ਼ਿਲਾਫ਼ ਸਿਆਸੀ ਪਿੜ ਵਿੱਚ ਉਤਰੇ ਹਨ। ਹਲਕੇ ਤੋਂ ਕਾਂਗਰਸ ਪਾਰਟੀ ਨੇ ਜਗਮਿੰਦਰਪਾਲ ਸਿੰਘ ਜੱਗਾ ਮਜੀਠੀਆ ਨੂੰ ਇਸ ਵਾਰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਜਦ ਕਿ ‘ਆਪ’ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਝਾੜੂ ਫੜਨ ਵਾਲੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੂੰ ਮੈਦਾਨ ਵਿੱਚ ਉਤਾਰਿਆ ਹੈ। ਲਾਲੀ ਮਜੀਠੀਆ ਇਸ ਹਲਕੇ ਤੋਂ ਇੱਕ ਵਾਰ ਆਜ਼ਾਦ ਚੋਣ ਲੜੇ, ਜਦ ਕਿ ਦੋ ਵਾਰ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜੇ ਸਨ। ਲਾਲੀ ਮਜੀਠੀਆ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚੋਣ ਲੜਦੇ ਰਹੇ ਤੇ ਹੁਣ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ ਵੀ ਸੁਣਵਾਈ ਨਾ ਹੋਣ ਕਾਰਨ ਕੁਝ ਸਮਾਂ ਪਹਿਲਾਂ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।
ਦੂਜੇ ਪਾਸੇ ਕਾਂਗਰਸ ਦੀ ਟਿਕਟ ਲਈ ਉਨ੍ਹਾਂ ਦੇ ਭਰਾ ਜੱਗਾ ਮਜੀਠੀਆ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਵੱਲੋਂ ਜ਼ੋਰ ਲਾਇਆ ਜਾ ਰਿਹਾ ਸੀ ਤੇ ਅੱਜ ਜੱਗਾ ਮਜੀਠੀਆ ਟਿਕਟ ਲੈਣ ਵਿੱਚ ਕਾਮਯਾਬ ਹੋ ਗਏ ਹਨ। ਹੁਣ ਦੋਵਾਂ ਭਰਾਵਾਂ ਤੇ ਤੀਸਰਾ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਵਿਚਕਾਰ ਮੁਕਾਬਲਾ ਹੋਵੇਗਾ। ਇਸ ਹਲਕੇ ਤੋਂ ਸੰਯੁਕਤ ਸਮਾਜ ਮੋਰਚਾ ਤੇ ਭਾਜਪਾ ਦੇ ਉਮੀਦਵਾਰਾਂ ਦਾ ਐਲਾਨ ਅਜੇ ਬਾਕੀ ਹਨ। ਦੇਖਣ ਵਾਲੀ ਗੱਲ ਇਹ ਹੈ ਕਿ ਕਦੇ ਇਕ-ਦੂਜੇ ਲਈ ਲੋਕਾਂ ਦੀਆਂ ਬਰੂਹਾਂ ’ਤੇ ਜਾ ਕੇ ਵੋਟਾਂ ਮੰਗਣ ਵਾਲੇ ਭਰਾ ਹੁਣ ਕਿਵੇਂ ਇੱਕ-ਦੂਜੇ ਖ਼ਿਲਾਫ਼ ਪ੍ਰਚਾਰ ਕਰਨਗੇ।