ਪੱਤਰ ਪ੍ਰੇਰਕ
ਪਟਿਆਲਾ, 2 ਅਪਰੈਲ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਜੇਲ੍ਹ ਪੁੱਜੇ। ਮੁਲਾਕਾਤ ਤੋਂ ਬਾਅਦ ਸੁਰਜੀਤ ਸਿੰਘ ਰੱਖੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਗੁਰਦੁਆਰੇ ਅਰਦਾਸ ਕਰਨ ਲਈ ਜਾਂਦੇ ਹਨ। ਸ੍ਰੀ ਰੱਖੜਾ ਨੇ ਆਖਿਆ ਕਿ ਉਨ੍ਹਾਂ ਮਜੀਠੀਆ ਨਾਲ ਕਰੀਬ ਚਾਲੀ ਮਿੰਟ ਗੱਲਬਾਤ ਕੀਤੀ। ਇਸ ਦੌਰਾਨ ਮਜੀਠੀਆ ਨੇ ਆਗੂਆਂ ਨੂੰ ਦੱਸਿਆ ਕਿ ਉਹ ਬਾਣੀ ਦਾ ਪਾਠ ਕਰਨ ਉਪਰੰਤ ਯੋਗ ਵੀ ਕਰਦੇ ਹਨ। ਜੇਲ੍ਹ ਵਿਚ ਬਿਕਰਮ ਦੀ ਸੁਰੱਖਿਆ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਜੇਲ੍ਹ ਪ੍ਰਸ਼ਾਸਨ ਜੇਲ੍ਹ ਮੈਨੂਅਲ ਅਨੁਸਾਰ ਸਹੂਲਤ ਪ੍ਰਦਾਨ ਕਰਦਾ ਹੈ।