ਗਗਨਦੀਪ ਅਰੋੜਾ
ਲੁਧਿਆਣਾ, 7 ਸਤੰਬਰ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲੁਧਿਆਣਾ ਦੀ ਅਦਾਲਤ ’ਚ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ’ਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਪੇਸ਼ ਹੋਏ। ਵਾਰ ਵਾਰ ਸੰਮਨ ਭੇਜਣ ਦੇ ਬਾਵਜੂਦ ਅਦਾਲਤ ’ਚ ਪੇਸ਼ ਨਾ ਹੋਣ ’ਤੇ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਸਨ ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਹਰਸਿਮਰਨ ਦੀ ਅਦਾਲਤ ਦੇ ਸਾਹਮਣੇ ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਦੇ ਦਾਦਾ ਜੀ ਦੀ ਤੇਰ੍ਹਵੀਂ ਸੀ। ਇਸ ਕਾਰਨ ਉਹ ਅਦਾਲਤ ’ਚ ਪੇਸ਼ ਨਹੀਂ ਹੋ ਸਕੇ ਸਨ। ਉਨ੍ਹਾਂ ਅਦਾਲਤ ’ਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਲਾਈ ਸੀ, ਇਸ ’ਤੇ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਇੱਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ਤਹਿਤ ਅਗਾਊਂ ਜ਼ਮਾਨਤ ਦੇ ਦਿੱਤੀ ਗਈ। ਇਸ ਮਾਮਲੇ ’ਚ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ। ਵਰਨਣਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2016 ’ਚ ਮੋਗਾ ਰੈਲੀ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਸੰਜੈ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸ਼ਾ ਤਸਕਰ ਦੱਸਿਆ ਸੀ। ਇਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਖਿਲਾਫ਼ ਅਦਾਲਤ ’ਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਸਾਲ 2016 ’ਚ ਹੀ ਸੰਜੈ ਸਿੰਘ ’ਤੇ ਦੋਸ਼ ਤੈਅ ਕਰ ਦਿੱਤੇ ਗਏ ਸਨ ਤੇ ਬਿਕਰਮ ਸਿੰਘ ਮਜੀਠੀਆ ਨੂੰ ਆਪਣੇ ਗਵਾਹ ਭੁਗਤਾਉਣ ਲਈ ਕਿਹਾ ਗਿਆ ਸੀ। ਇਸ ਮਾਮਲੇ ’ਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਸ਼ਰਨਜੀਤ ਸਿੰਘ ਢਿੱਲੋਂ ਗਵਾਹ ਹਨ। ਹੁਣ ਤੱਕ ਅਦਾਲਤ ਵਿੱਚ ਇਸ ਕੇਸ ਦੀਆਂ 71 ਤਰੀਕਾਂ ਪੈ ਚੁੱਕੀਆਂ ਹਨ। ਇਨ੍ਹਾਂ ’ਚ ਸੰਜੈ ਸਿੰਘ ਸਿਰਫ਼ 4 ਤੋਂ 5 ਵਾਰ ਅਦਾਲਤ ’ਚ ਪੇਸ਼ ਹੋਏ ਹਨ। ਸੋਮਵਾਰ ਨੂੰ ਪੇਸ਼ੀ ਦੌਰਾਨ ਅਦਾਲਤ ’ਚ ਜਦੋਂ ਉਹ ਨਾ ਪੁੱਜੇ ਤਾਂ ਅਦਾਲਤ ਨੇ ਸੰਜੈ ਸਿੰਘ ਨੂੰ 17 ਸਤੰਬਰ ਤੱਕ ਗ੍ਰਿਫ਼ਤਾਰ ਕਰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਜਾਰੀ ਕਰ ਦਿੱਤੇ। ਆਖਰ ਮੰਗਲਵਾਰ ਨੂੰ ਉਹ ਪੂਰੇ ਲਾਮ ਲਸ਼ਕਰ ਸਮੇਤ ਅਦਾਲਤ ’ਚ ਪੇਸ਼ ਹੋਣ ਲਈ ਪੁੱਜ ਗਏ।