ਦਵਿੰਦਰ ਪਾਲ
ਚੰਡੀਗੜ੍ਹ, 20 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ੈਡ ਪਲੱਸ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਇਕ ਬਿਆਨ ਰਾਹੀਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਇਸ ਕਰ ਕੇ ਵਾਪਸ ਲਈ ਗਈ ਹੈ ਕਿਉਂਕਿ ਅਕਾਲੀ ਦਲ ਕੇਂਦਰੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਨਾਲ ਡੱਟ ਕੇ ਖੜ੍ਹਿਆ ਹੈ। ਸਪੱਸ਼ਟ ਹੈ ਕਿ ਮਜੀਠੀਆ ਨੂੰ ਸਿਆਸੀ ਬਦਲਾਖੋਰੀ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਡਰਨ ਵਾਲਾ ਨਹੀਂ ਹੈ। ਇਹ ਕੇਂਦਰੀ ਖੇਤੀ ਕਾਨੂੰਨਾਂ ਤੇ ਹੋਰ ਮਾਮਲਿਆਂ, ਜਿਨ੍ਹਾਂ ਨੇ ਦੇਸ਼ ਦਾ ਸੰਘੀ ਢਾਂਚਾ ਕਮਜ਼ੋਰ ਕੀਤਾ ਹੈ, ਦੇ ਵਿਰੁੱਧ ਕਿਸਾਨਾਂ ਤੇ ਪੰਜਾਬੀਆਂ ਨਾਲ ਡਟਿਆ ਰਹੇਗਾ।
ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਉਹ 10 ਸਾਲਾਂ ਤੋਂ ਮਿਲੀ ਸੁਰੱਖਿਆ ਵਾਪਸ ਲੈਣ ਦਾ ਕਾਰਨ ਜਾਣਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਪਾਕਿਸਤਾਨ ਆਧਾਰਿਤ ਦੇਸ਼ ਵਿਰੋਧੀ ਤਾਕਤਾਂ ਅਤੇ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਇਸ ਤਰੀਕੇ ਦੀ ਰਾਜਨੀਤੀ ਸੂਬੇ ਦੀ ਸ਼ਾਂਤੀ ਲਈ ਠੀਕ ਨਹੀਂ। ਉਨ੍ਹਾਂ ਕਿਹਾ ਕਿ ਜੇ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ਮਗਰੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰੀ ਤਾਂ ਇਸ ਲਈ ਸਿੱਧੇ ਤੌਰ ’ਤੇ ਕੇਂਦਰੀ ਗ੍ਰਹਿ ਮੰਤਰਾਲਾ ਜ਼ਿੰਮੇਵਾਰ ਹੋਵੇਗਾ।