Majithia move High Court: ਮਜੀਠੀਆ ਵੱਲੋਂ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਹਾਈ ਕੋਰਟ ਦਾ ਰੁਖ਼
ਚੰਡੀਗੜ੍ਹ, 1 ਜੁਲਾਈ
ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਬਦਲਾਖੋਰੀ ਤੇ ਸਿਆਸੀ ਵਿਰੋਧ ਤਹਿਤ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਇਆ ਹੈ ਤੇ ਉਸ ਨੂੰ ਗੈਰਕਾਨੂੰਨੀ ਢੰਗ ਨਾਲ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ ਸੀ ਤੇ ਪੁਲੀਸ ਟੀਮ ਉਨ੍ਹਾਂ ਨੂੰ ਮੁਹਾਲੀ ਲੈ ਕੇ ਗਈ ਸੀ। ਬਿਕਰਮ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ’ਚ ਕੀਤਾ ਜਾਵੇਗਾ ਪੇਸ਼
ਮੁਹਾਲੀ (ਕਰਮਜੀਤ ਸਿੰਘ ਚਿੱਲਾ); ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਵਿਜੀਲੈਂਸ ਕੋਲ ਰਿਮਾਂਡ ’ਤੇ ਚੱਲ ਰਹੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਨੂੰ ਮੁਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕਰਕੇ ਮੁਹਾਲੀ ਲਿਆਂਦਾ ਸੀ ਅਤੇ 26 ਜੂਨ ਨੂੰ ਮੁਹਾਲੀ ਦੀ ਅਦਾਲਤ ’ਚ ਪੇਸ਼ ਕਰਕੇ ਸੱਤ ਦਿਨਾਂ ਦਾ ਰਿਮਾਂਡ ਲਿਆ ਸੀ, ਜਿਹੜਾ ਬੁੱਧਵਾਰ ਨੂੰ ਖ਼ਤਮ ਹੋ ਜਾਵੇਗਾ। ਸੂਤਰਾਂ ਅਨੁਸਾਰ ਹੁਣ ਵਿਜੀਲੈਂਸ ਵੱਲੋਂ ਵੱਖ-ਵੱਖ ਸਰੋਤਾਂ ਅਤੇ ਵਿਅਕਤੀਆਂ ਤੋਂ ਹਾਸਲ ਕੀਤੇ ਗਏ ਸਬੂਤਾਂ ਅਤੇ ਬਿਆਨਾਂ ਨੂੰ ਆਧਾਰ ਬਣਾ ਕੇ ਮਜੀਠੀਆ ਦਾ ਹੋਰ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੁਲੀਸ ਦੇ ਉੱਚ ਅਧਿਕਾਰੀਆਂ ਵੱਲੋਂ ਮਜੀਠੀਆ ਦੀ ਅਦਾਲਤ ਵਿਚ ਪੇਸ਼ੀ ਸਬੰਧੀ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਉੱਧਰ ਅਕਾਲੀ ਦਲ ਵੱਲੋਂ ਵੀ ਬਿਕਰਮ ਮਜੀਠੀਆ ਦੀ ਹਮਾਇਤ ਵਿਚ 2 ਜੁਲਾਈ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠ ਕੀਤਾ ਜਾ ਰਿਹਾ ਹੈ। ਪਾਰਟੀ ਦੇ ਮੁਹਾਲੀ ਹਲਕੇ ਦੇ ਇੰਚਾਰਜ ਪਰਵਿੰਦਰ ਸਿੰਘ ਗਿੱਲ ਅਤੇ ਡੇਰਾਬੱਸੀ ਦੇ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ। ਸੂਤਰਾਂ ਅਨੁਸਾਰ ਅਕਾਲੀ ਦਲ 2 ਜੁਲਾਈ ਨੂੰ ਮੁਹਾਲੀ ਦੇ ਫੇਜ਼ ਅੱਠ ਦੇ ਵਿਜੀਲੈਂਸ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਸਕਦਾ ਹੈ।