ਜੋਗਿੰਦਰ ਸਿੰਘ ਮਾਨ
ਮਾਨਸਾ, 24 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਪਿੰਡ ਮੂਸਾ ਪਹੁੰਚੇ, ਜਿਥੇ ਉਨ੍ਹਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਅਤੇ ਕਟੌਤੀ ਦਾ ਪ੍ਰਚਾਰ ਕਰਨ ਵਾਲਿਆਂ ਉਪਰ ਕਾਰਵਾਈ ਹੋਵੇ। ਸ੍ਰੀ ਮਜੀਠੀਆ ਨੇ ਕਿਹਾ ਕਿ ਇਹ ਬੜਾ ਦੁਖਦਾਈ ਹਾਦਸਾ ਸੀ, ਕਿਉਂਕਿ ਜਿਸ ਨੇ ਬਹੁਤ ਛੋਟੀ ਉਮਰ ਵਿੱਚ ਪੰਜਾਬ ਦਾ ਨਾਂ ਦੁਨੀਆਂ ਭਰ ਵਿਚ ਰੌਸ਼ਨ ਕੀਤਾ ਹੋਵੇ, ਉਸ ਦਾ ਦਿਨ ਦਿਹਾੜੇ ਕਤਲ ਹੋ ਜਾਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ,‘ਇਸ ਘਟਨਾ ਦੇ ਵਕਤ ਮੈਂ ਅਤੇ ਬਲਵੰਤ ਸਿੰਘ ਰਾਜੋਆਣਾ ਜੇਲ੍ਹ ਵਿੱਚ ਇਕੱਠੇ ਹੀ ਸੀ ਅਤੇ ਅੱਜ ਮੈਂ ਆਪਣੇ ਅਤੇ ਬਲਵੰਤ ਰਾਜੋਆਣਾ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਇਆ ਹਾਂ, ਕਿਉਂਕਿ ਸਿੱਧੂ ਮੂਸੇਵਾਲਾ ਦੇ ਐੱਸਵਾਈਐੱਲ ਗਾਣੇ ਵਿਚ ਵੀ ਬਲਵੰਤ ਸਿੰਘ ਰਾਜੋਆਣਾ ਦਾ ਜ਼ਿਕਰ ਹੋਇਆ ਸੀ।’ ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਲੜਾਈ ਵਿਚ ਉਹ ਪਾਰਟੀ ਪੱਧਰ ਤੋਂ ਉੱਪਰ ਉਠ ਕੇ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਅਤੇ ਕਟੌਤੀ ਦਾ ਪ੍ਰਚਾਰ ਕਰਨ ਵਾਲਿਆਂ ਤੇ ਕਾਰਵਾਈ ਦੀ ਗੱਲ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੱਲ੍ਹ ਹਾਈਕੋਰਟ ਦਾ ਹੁਕਮ ਆਇਆ ਹੈ ਕਿ ਜਿਨ੍ਹਾਂ ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ, ਉਨ੍ਹਾਂ ਨੂੰ ਇਹ ਬਹਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਹਾਈਕੋਰਟ ਨੇ ਸੁਰੱਖਿਆ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਪਰ ਸਿੱਧੂ ਮੂਸੇਵਾਲਾ ਨੂੰ ਕੌਣ ਵਾਪਸ ਲੈ ਕੇ ਆਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਗੁਪਤ ਦਸਤਾਵੇਜ਼ ਕਿਸ ਨੇ ਜਨਤਕ ਕੀਤੇ, ਕਿਉਂਕਿ ਇਹ ਸਾਰੀ ਜਾਣਕਾਰੀ ਆਪ ਦੀ ਵੈੱਬਸਾਈਟ ਉੱਪਰ ਸਾਂਝੀ ਕੀਤੀ ਗਈ ਸੀ। 28 ਮਈ ਨੂੰ ਸੁਰੱਖਿਆ ਵਾਪਸ ਲਈ ਗਈ ਅਤੇ 29 ਮਈ ਨੂੰ ਵਾਰਦਾਤ ਹੋ ਗਈ। ਇਸ ਲਈ ਕਸੂਰਵਾਰਾਂ ਲਈ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।