ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਨਵੰਬਰ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ ਦੀ ਚੰਨੀ ਸਰਕਾਰ ਅਤੇ ਮਜੀਠੀਆ ਇਕ ਦੂਜੇ ਦੀ ਮਦਦ ਨਾਲ ਡਰੱਗ ਮਾਮਲੇ ਨੂੰ ਲਟਕਾਉਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਕੇ ਪੰਜਾਬ ਵਾਸੀਆਂ ਨੂੰ ਧੋਖਾ ਦੇਣ ਲੱਗੇ ਹੋਏ ਹਨ। ਇਸੇ ਕੜੀ ਦਾ ਹਿੱਸਾ ਐੱਸਟੀਐੱਫ ਦੀ ਰਿਪੋਰਟ ਨੂੰ ਲੋਕਾਂ ਸਾਹਮਣੇ ਨਹੀਂ ਰੱਖਿਆ ਗਿਆ। ਰਿਪੋਰਟ ਸੀਲਬੰਦ ਹੋਣ ਦੀ ਆੜ ’ਚ ਕਾਂਗਰਸ ਸਰਕਾਰ ਲਗਾਤਾਰ ਡਰੱਗ ਮਾਫੀਆ ਅਤੇ ਉਸ ਦੇ ਸਿਆਸੀ ਸਰਪ੍ਰਸਤਾਂ ਨੂੰ ਬਚਾਉਣ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਤੋਂ ਮਹਿਜ ਕੁੱਝ ਸਮਾਂ ਪਹਿਲਾ ਮਜੀਠੀਆ ਵੱਲੋਂ ਡਰੱਗ ਮਾਮਲੇ ਵਿੱਚ 124 ਪੰਨਿਆਂ ਦੀ ਪਟੀਸ਼ਨ ਰਾਹੀਂ ਖੁਦ ਨੂੰ ਪਾਰਟੀ ਬਣਾਉਣ ਦੀ ਕੀਤੀ ਗਈ ਮੰਗ, ਕੇਵਲ ਇੱਕ ਸਾਜਿਸ਼ ਹੈ, ਜਿਸ ਨਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਦਾ ਸਮਾਂ ਨਿਕਲ ਜਾਵੇ।
ਸ੍ਰੀ ਮਾਨ ਨੇ ਕਿਹਾ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਤਰ੍ਹਾਂ ਹੀ ਮੌਜੂਦਾ ਕਾਂਗਰਸ ਸਰਕਾਰ ਵੀ ਡਰੱਗ ਤਸਕਰਾਂ ਅਤੇ ਉਨ੍ਹਾਂ ਦੇ ਸਿਆਸੀ ਸਰਪ੍ਰਸਤਾਂ ਨੂੰ ਬਚਾਉਣ ਦੇ ਰਾਹ ਖੋਜ ਰਹੀ ਹੈ। ਇਸੇ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਖਾਂ ਬੰਦ ਕਰਕੇ ਬੈਠੇ ਹਨ।
‘ਆਪ’ ਆਗੂ ਨੇ ਕਿਹਾ ਕਿ ਜੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਡਰੱਗ ਤਸਕਰਾਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਨੂੰ ਜੇਲ੍ਹਾਂ ਵਿੱਚ ਸੁੱਟਣਾ ਹੈ ਤਾਂ ਜ਼ਮੀਰ ਜਿੰਦਾ ਹੋਣ ਅਤੇ ਸਿਆਸੀ ਹਿੰਮਤ ਦਿਖਾਉਣੀ ਪਵੇਗੀ।