ਮਲਵਿੰਦਰ ਕੰਗ ਨੇ ਸੰਸਦੀ ਕਮੇਟੀ ਦੇ ਚੇਅਰਮੈਨ ਨੂੰ ਪੱਤਰ ਲਿਖਿਆ
ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਸੰਸਦੀ ਕਮੇਟੀ ਦੇ ਚੇਅਰਮੈਨ ਨੂੰ ਪੱਤਰ ਭੇਜ ਕੇ ਪੰਜਾਬ ਵਿੱਚ ਕਿਸਾਨਾਂ ਨੂੰ ਖਾਦ ਦੀ ਖ਼ਰੀਦ ਸਮੇਂ ਦਿੱਕਤਾਂ ਬਾਰੇ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਸਬਸਿਡੀ ਵਾਲੀ ਖਾਦ ਨਾਲ ਹੋਰ ਦਵਾਈਆਂ ਜਬਰੀ ਦੇਣ...
ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਸੰਸਦੀ ਕਮੇਟੀ ਦੇ ਚੇਅਰਮੈਨ ਨੂੰ ਪੱਤਰ ਭੇਜ ਕੇ ਪੰਜਾਬ ਵਿੱਚ ਕਿਸਾਨਾਂ ਨੂੰ ਖਾਦ ਦੀ ਖ਼ਰੀਦ ਸਮੇਂ ਦਿੱਕਤਾਂ ਬਾਰੇ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਸਬਸਿਡੀ ਵਾਲੀ ਖਾਦ ਨਾਲ ਹੋਰ ਦਵਾਈਆਂ ਜਬਰੀ ਦੇਣ ’ਤੇ ਇਤਰਾਜ਼ ਜਤਾਇਆ। ਉਨ੍ਹਾਂ ਪੱਤਰ ’ਚ ਕਿਹਾ ਕਿ ਇਹ ਘਟਨਾ ਰੂਪਨਗਰ ਜ਼ਿਲ੍ਹੇ ਦੀ ਹੈ, ਜਿੱਥੇ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਖਾਦਾਂ ਨਾਲ ਜਬਰੀ ਹੋਰ ਬੂਸਟਰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨਾਂ ਦਾ ਸ਼ੋਸ਼ਣ ਕਰਨ ਵਾਲੇ ਡੀਲਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰੂਪਨਗਰ ਵਿੱਚ ਕਿਸਾਨਾਂ ਨੂੰ ਕੈਲਸ਼ੀਅਮ ਨਾਈਟਰੇਟ, ਪੋਲੀਹਾਲਾਈਟ, ਬਾਇਓ ਪੋਟਾਸ਼ ਅਤੇ ਮਿਊਰੇਟ ਆਫ ਪੋਟਾਸ਼ ਵਰਗੇ ਮਹਿੰਗੇ ਬੂਸਟਰ ਖਾਦਾਂ ਨਾਲ ਖਰੀਦਣ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਅਜਿਹੇ ਡੀਲਰਾਂ ਵਿਰੁੱਧ ਪੰਜਾਬ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤੇ ਜਾਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਸਿਰਫ਼ ਇਕ ਥਾਂ ਦੀ ਨਹੀਂ ਹੈ, ਸਗੋਂ ਅਜਿਹੀ ਸਮੱਸਿਆ ਬਹੁਤ ਸਾਰੀਆਂ ਥਾਵਾਂ ’ਤੇ ਆ ਰਹੀ ਹੈ, ਜਿਸ ’ਤੇ ਕੇਂਦਰ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਸੰਸਦ ਮੈਂਬਰ ਨੇ ਕੇਂਦਰ ਸਰਕਾਰ ਦੇ ਰਸਾਇਣ ਅਤੇ ਖਾਦ ਮੰਤਰਾਲੇ ਨੂੰ ਅਪੀਲ ਕੀਤੀ ਕਿ ਇਸ ਪਾਸੇ ਗੰਭੀਰਤਾ ਨਾਲ ਧਿਆਨ ਦੇਵੇ ਤੇ ਸਖ਼ਤ ਕਾਰਵਾਈ ਕਰੇ।