ਮਾਨਸਾ: ਦਵਿੰਦਰ ਬੰਬੀਹਾ ਗੈਂਗ ਦੇ ਮੈਂਬਰ ਮਨਦੀਪ ਮਨਾਲੀ ਦੀ ਫਿਲਪੀਨਜ਼ ਵਿੱਚ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਉੱਥੇ ਬੰਬੀਹਾ ਗੈਂਗ ਦਾ ਕੰਮ ਸੰਭਾਲ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ-ਗੋਲਡੀ ਬਰਾੜ ਗੈਂਗ ਨੇ ਲਈ ਹੈ। ਇਸ ਸਬੰਧੀ ਵਾਇਰਲ ਹੋਈ ਇੱਕ ਆਡੀਓ ਵਿੱਚ ਕਿਹਾ ਗਿਆ ਹੈ ਕਿ ਇਹ ਕਤਲ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਕੀਤਾ ਗਿਆ ਹੈ। ਇਹ ਰਿਕਾਰਡਿੰਗ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਸ਼ੂਟਰ ਦੀਪਕ ਮੁੰਡੀ ਦੇ ਨਾਂ ’ਤੇ ਵਾਇਰਲ ਹੋਈ ਹੈ, ਜੋ ਹਾਲੇ ਤੱਕ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ ਹੈ। ਆਡੀਓ ਵਿੱਚ ਧਮਕੀ ਦਿੱਤੀ ਜਾ ਰਹੀ ਹੈ ਕਿ ਬੰਬੀਹਾ ਗੈਂਗ ਦੇ ਮੈਂਬਰਾਂ ਦਾ ਹਾਲ ਵੀ ਸਿੱਧੂ ਮੂਸੇਵਾਲਾ ਵਾਂਗ ਹੀ ਹੋਵੇਗਾ। ਮਨਦੀਪ ਮਨਾਲੀ ਦੇ ਕਤਲ ਮਗਰੋਂ ਲਾਰੈਂਸ-ਗੋਲਡੀ ਗੈਂਗ ਨੇ ਹੁਣ ਅੰਮ੍ਰਿਤਸਰ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਸ਼ੂਟਰ ਮਨਪ੍ਰੀਤ ਮੰਨੂ ਤੇ ਜਗਰੂਪ ਰੂਪਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਇਸ ਤੋਂ ਪਹਿਲਾਂ ਦਵਿੰਦਰ ਬੰਬੀਹਾ ਗੈਂਗ ਨੇ ਵੀ ਲਾਰੈਂਸ ਗੈਂਗ ਤੋਂ ਬਦਲਾ ਲੈਣ ਦੀ ਧਮਕੀ ਦਿੰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਗਾਇਕ ਮਨਕੀਰਤ ਔਲਖ ਨੂੰ ਮਾਰਨ ਦੀ ਧਮਕੀ ਦਿੱਤੀ ਸੀ। ਇਹ ਆਡੀਓ ਵਾਇਰਲ ਹੋਣ ਮਗਰੋਂ ਹੁਣ ਮਾਨਸਾ ਪੁਲੀਸ ਪ੍ਰਸ਼ਾਸਨ ਨੇ ਜਾਂਚ ਆਰੰਭ ਦਿੱਤੀ ਹੈ।