ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਗਸਤ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਦਿੱਲੀ ਵਿਚ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸੰਕਰ ਨਾਲ ਮੁਲਾਕਾਤ ਕੀਤੀ। ਸ੍ਰੀ ਚੱਢਾ ਨੇ ਕੇਂਦਰੀ ਮੰਤਰੀ ਨੂੰ ਨਿਊਯਾਰਕ ’ਚ ਭਾਰਤੀ ਮੂਲ ਦੀ ਮੁਟਿਆਰ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ’ਚ ਦਖ਼ਲ ਦੇਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਵੀ ਮਨਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਉਣ ਦੀ ਅਪੀਲ ਕੀਤੀ।
ਸ੍ਰੀ ਰਾਘਵ ਚੱਢਾ ਨੇ ਕਿਹਾ ਕਿ ਮਨਦੀਪ ਕੌਰ ਦੀ ਮੌਤ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਭਾਵੇਂ ਉਹ ਮਨਦੀਪ ਕੌਰ ਨੂੰ ਵਾਪਸ ਨਹੀਂ ਲਿਆ ਸਕਦੇ, ਪਰ ਮੁਲਜ਼ਮਾਂ ਨੂੰ ਜੇਲ੍ਹ ਪਹੁੰਚਾ ਕੇ ਪੀੜਤ ਪਰਿਵਾਰ ਦਾ ਦੁੱਖ ਹਲਕਾ ਕੀਤਾ ਜਾ ਸਕਦਾ ਹੈ। ਰਾਜ ਸਭਾ ਮੈਂਬਰ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਅਤੇ ਵਿਦੇਸ਼ਾਂ ਵਿੱਚ ਰਹਿ ਰਹੀਆਂ ਭਾਰਤੀ ਔਰਤਾਂ ਨੂੰ ਅਜਿਹੇ ਸ਼ੋਸ਼ਣ ਅਤੇ ਹਿੰਸਕ ਸਥਿਤੀਆਂ ਤੋਂ ਨਿਕਲਣ ਲਈ ਰਸਤਾ ਅਤੇ ਸਾਧਨ ਮੁਹੱਈਆ ਕਰਵਾਉਣ।