ਚੰਡੀਗੜ੍ਹ, 24 ਅਕਤੂਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਨਾਲ ਦੋਸਤੀ ਨੂੰ ਲੈ ਕੇ ਸੂਬਾਈ ਕਾਂਗਰਸ ਦੇ ਆਗੂਆਂ ਵਿੱਚ ਚੱਲ ਰਹੀ ਬਿਆਨਬਾਜ਼ੀ ਖ਼ਿਲਾਫ਼ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਇਸ ਤਰ੍ਹਾਂ ਦਾ ਅਰਾਜਕਤਾ ਦਾ ਮਾਹੌਲ ਪਹਿਲਾਂ ਕਦੇ ਨਹੀਂ ਦੇਖਿਆ ਹੈ। ਉਨ੍ਹਾਂ ਨੇ ਕਾਂਗਰਸੀ ਆਗੂਆਂ ਵੱਲੋਂ ਇਕ-ਦੂਜੇ ਖ਼ਿਲਾਫ਼ ਮੰਦੀ ਭਾਸ਼ਾ ਵਰਤਣ ’ਤੇ ਵੀ ਦੁੱਖ ਪ੍ਰਗਟਾਇਆ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਇਹ ਪਤਾ ਕਰਵਾਇਆ ਜਾਵੇਗਾ ਕਿ ਕੀ ਅਰੂਸਾ ਆਲਮ ਦੇ ਪਾਕਿਸਤਾਨੀ ਖ਼ੁਫੀਆ ਏਜੰਸੀ ਆਈਐੱਸਆਈ ਨਾਲ ਸਬੰਧ ਹਨ ਜਾਂ ਨਹੀਂ। ਇਸ ਬਿਆਨ ਤੋਂ ਖਫਾ ਹੋ ਕੇ ਕੈਪਟਨ ਅਮਰਿੰਦਰ ਸਿੰਘ ਨੇ ਸੁਖਜਿੰਦਰ ਰੰਧਾਵਾ ’ਤੇ ਨਿੱਜੀ ਹਮਲੇ ਕਰਨ ਦਾ ਦੋਸ਼ ਲਗਾਇਆ ਸੀ। ਸ੍ਰੀ ਤਿਵਾੜੀ ਨੇ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ, ਨਸ਼ੀਲੇ ਪਦਾਰਥਾਂ ਦੀ ਸਮੱਸਿਆ ਤੇ ਬਿਜਲੀ ਖਰੀਦ ਵਰਗੇ ਸਮਝੌਤਿਆਂ ਦੀ ਜਾਂਚ ਦੀ ਧੀਮੀ ਗਤੀ ’ਤੇ ਵੀ ਸਵਾਲ ਉਠਾਏ ਹਨ। -ਪੀਟੀਆਈ