ਤਰਨ ਤਾਰਨ ’ਚ ਮਾਨ ਤੇ ਰੇਖਾ ਗੁਪਤਾ ਵੱਲੋਂ ਰੈਲੀਆਂ
ਰੇਖਾ ਗੁਪਤਾ ਨੇ ‘ਆਪ’ ਨੂੰ ਸ਼ੀਸ਼ ਮਹਿਲ ਦੇ ਮੁੱਦੇ ’ਤੇ ਘੇਰਿਆ; ਭਗਵੰਤ ਮਾਨ ਨੇ ’84 ਦੇ ਸਿੱਖ ਕਤਲੇਆਮ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ
ਗੁਰਬਖਸ਼ਪੁਰੀ
ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਹਲਕੇ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ।
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਭਾਜਪਾ ਦੀ ਰੈਲੀ ਦੌਰਾਨ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ, ‘ਪਹਿਲਾਂ ਇਨ੍ਹਾਂ ਨੇ ਦਿੱਲੀ ਨੂੰ ਲੁੱਟ ਕੇ ਸ਼ੀਸ਼ ਮਹਿਲ ਬਣਾਇਆ, ਹੁਣ ਉਹੀ ਕੰਮ ਇਹ ਪੰਜਾਬ ਵਿੱਚ ਕਰ ਰਹੇ ਹਨ।’ ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਚਲਾ ਰਹੀ ਹੈ। ਇਸੇ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਪਿੰਡ ਗੰਡੀਵਿੰਡ ਵਿੱਚ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਲਈ ਵੋਟਾਂ ਮੰਗੀਆਂ।
ਇਸ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨਾਲ ਮਿਲ ਕੇ ਕਈ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦਰਬਾਰ ਸਾਹਿਬ ’ਤੇ ਹਮਲਾ ਕਰਵਾਇਆ ਅਤੇ ਕਾਂਗਰਸ ਹੀ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਹੈ, ਜਦੋਂਕਿ ਅਕਾਲੀ ਦਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਨੌਜਵਾਨਾਂ ਦੇ ਕਤਲਾਂ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਹੀ ਲੋਕਾਂ ਦੀ ਆਪਣੀ ਪਾਰਟੀ ਹੈ, ਜਿਸ ਨੂੰ ਆਮ ਲੋਕਾਂ ਦੇ ਦਰਦ ਦੀ ਪਛਾਣ ਹੈ। ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਨੂੰ ਵੋਟ ਪਾਉਣ ਦਾ ਮਤਲਬ ਚੰਗੀ ਸਿੱਖਿਆ, ਬਿਜਲੀ ਅਤੇ ਸ਼ਾਂਤੀਪੂਰਨ ਮਾਹੌਲ ਦੇ ਹੱਕ ਵਿੱਚ ਵੋਟ ਪਾਉਣਾ ਹੈ।
ਭਗਵੰਤ ਮਾਨ ਦੀ ਪਤਨੀ ਤੇ ਮਾਤਾ ਵੱਲੋਂ ਪ੍ਰਚਾਰ
ਤਰਨ ਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੇ ਗਰਮਾਏ ਹੋਏ ਸਿਆਸੀ ਮਾਹੌਲ ਦੌਰਾਨ ਆਮ ਆਦਮੀ ਪਾਰਟੀ (ਆਪ) ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਨੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਔਰਤਾਂ ਨਾਲ ਘਰ-ਘਰ ਜਾ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਹੋਣ ਵਾਲੀ ਵੋਟਿੰਗ ਦੌਰਾਨ ਈ ਵੀ ਐੱਮ ’ਤੇ ‘ਝਾੜੂ’ ਦਾ ਬਟਣ ਦਬਾਉਣ।

