ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਨ ਵੱਲੋਂ ਹੜ੍ਹ ਪੀੜਤ ਕਿਸਾਨਾਂ ਲਈ ਰਾਹਤ ਦਾ ਐਲਾਨ

ਖੇਤਾਂ ’ਚੋਂ ਰੇਤ ਹਟਾਉਣ ਲਈ ਪ੍ਰਤੀ ਏਕੜ 7200 ਰੁਪਏ ਮਿਲਣਗੇ; ਮੁਆਵਜ਼ੇ ਦੀ ਵੰਡ 15 ਤੋਂ ਦਰਿਆ ਬੁਰਦ ਜ਼ਮੀਨਾਂ ਦੇ ਮਾਲਕਾਂ ਨੂੰ 18,800 ਰੁਪਏ ਪ੍ਰਤੀ ਏਕਡ਼ ਮਿਲੇਗਾ ਮੁਆਵਜ਼ਾ; ਕੇਂਦਰ ਸੰਘੀ ਢਾਂਚੇ ਨੂੰ ਲਾ ਰਿਹੈ ਢਾਹ: ਮੁੱਖ ਮੰਤਰੀ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਪ੍ਰਦੀਪ ਤਿਵਾੜੀ
Advertisement

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਹੜ੍ਹਾਂ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਪੀੜਤਾਂ ਨੂੰ ਮੁਆਵਜ਼ਾ ਵੰਡੇਗੀ। ਇਸ ਦੀ ਸ਼ੁਰੂਆਤ 15 ਅਕਤੂਬਰ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਮਾਰ ਤੋਂ ਉੱਭਰ ਰਿਹਾ ਹੈ ਅਤੇ ਪੰਜਾਬੀਆਂ ਦੇ ਹੰਭਲੇ ਨੇ ਕੌਮੀ ਪੱਧਰ ’ਤੇ ਵੱਡਾ ਸੁਨੇਹਾ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਨੂੰ ਖੇਤਾਂ ਵਿੱਚੋਂ ਰੇਤ ਕੱਢਣ ਲਈ 7200 ਰੁਪਏ ਪ੍ਰਤੀ ਏਕੜ ਦੀ ਵਿੱਤੀ ਮਦਦ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦਰਿਆ ਬੁਰਦ ਹੋਈਆਂ ਜ਼ਮੀਨਾਂ ਦੇ ਮਾਲਕਾਂ ਨੂੰ 18,800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਮੁਆਵਜ਼ਾ ਰਾਸ਼ੀ ਬਾਰੇ ਤਫ਼ਸੀਲ ’ਚ ਦੱਸਿਆ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫ਼ੰਡ ਦੇ ਨਿਯਮਾਂ ਤਹਿਤ 26 ਤੋਂ 33 ਫ਼ੀਸਦ ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ 2000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਏਕੜ, 33 ਤੋਂ 75 ਫ਼ੀਸਦ ਫ਼ਸਲੀ ਨੁਕਸਾਨ ਦਾ ਮੁਆਵਜ਼ਾ 6800 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਏਕੜ ਅਤੇ 75 ਤੋਂ 100 ਫ਼ੀਸਦ ਨੁਕਸਾਨ ਦਾ ਮੁਆਵਜ਼ਾ 6800 ਰੁਪਏ ਤੋਂ ਵਧਾ ਕੇ 20,000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਕਿਸਾਨਾਂ ਨੂੰ ਦਿੱਤੇ ਜਾ ਰਹੇ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਵਿੱਚ ਸੂਬਾ ਸਰਕਾਰ 14,900 ਰੁਪਏ ਦਾ ਯੋਗਦਾਨ ਪਾਵੇਗੀ। ਉਨ੍ਹਾਂ ਦੱਸਿਆ ਕਿ ਪੂਰੇ ਨੁਕਸਾਨੇ ਘਰਾਂ ਦੀ ਮੁਰੰਮਤ ਲਈ 1.20 ਲੱਖ ਅਤੇ ਅੰਸ਼ਕ ਨੁਕਸਾਨੇ ਗਏ ਘਰਾਂ ਲਈ ਮੁਆਵਜ਼ਾ 6500 ਰੁਪਏ ਤੋਂ ਵਧਾ ਕੇ 35,100 ਰੁਪਏ ਕਰ ਦਿੱਤਾ ਗਿਆ ਹੈ। ਸੇਮ ਪ੍ਰਭਾਵਿਤ ਇਲਾਕਿਆਂ ਲਈ ਪਹਿਲਾਂ ਹੀ 4.50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਅਹਿਮ ਮੁੱਦਿਆਂ ’ਤੇ ਰਾਜਪਾਲ ਨੂੰ ਮਿਲਣ ਦਾ ਸਮਾਂ ਹੈ ਪਰ ਚੁਣੇ ਹੋਏ ਪ੍ਰਤੀਨਿਧ ਲਈ ਕੋਈ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਬਿਹਾਰ ਵਰਗੇ ਚੋਣਾਂ ਵਾਲੇ ਸੂਬਿਆਂ ਵਿੱਚ ਵੱਡੇ ਰਾਹਤ ਪੈਕੇਜ ਦਾ ਐਲਾਨ ਕਰ ਰਹੇ ਹਨ ਪ੍ਰੰਤੂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸੰਘੀ ਢਾਂਚੇ ਨੂੰ ਢਾਹ ਲਾ ਰਿਹਾ ਹੈ ਅਤੇ ਪੰਜਾਬ ਨੂੰ ਯੂ ਟੀ ’ਚ ਤਬਦੀਲ ਕੀਤਾ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ 1962 ਦੀ ਭਾਰਤ-ਚੀਨ ਜੰਗ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਸੋਨੇ ਅਤੇ ਨਗਦੀ ਦੇ ਰੂਪ ’ਚ ਕੌਮੀ ਰੱਖਿਆ ਫ਼ੰਡ ’ਚ ਪਾਏ ਯੋਗਦਾਨ ਦੇ ਵੇਰਵੇ ਵੀ ਸਾਂਝੇ ਕੀਤੇ। ਉਨ੍ਹਾਂ ਭਾਜਪਾ ਵੱਲੋਂ ਕੀਤੇ ਗਏ ਮੌਕ ਸੈਸ਼ਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਅਜਿਹੇ ਆਗੂਆਂ ਨੂੰ ਲੋਕ ਆਮ ਚੋਣਾਂ ਤੋਂ ਬਾਅਦ ਸਾਲ 2029 ਵਿੱਚ ਫ਼ਰਜ਼ੀ ਲੋਕ ਸਭਾ ਸੈਸ਼ਨ ਕਰਨ ਦਾ ਖੁੱਲ੍ਹਾ ਸਮਾਂ ਦੇ ਦੇਣਗੇ।

Advertisement

ਅਮਿਤ ਸ਼ਾਹ ਨਾਲ ਭਗਵੰਤ ਮਾਨ ਦੀ ਮਿਲਣੀ ਅੱਜ

ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਭਿਆਨਕ ਹੜ੍ਹਾਂ ਨਾਲ ਪੰਜਾਬ ਦੇ ਹੋਏ ਨੁਕਸਾਨ ਤੋਂ ਜਾਣੂ ਕਰਾਉਣਗੇ ਅਤੇ ਕੌਮਾਂਤਰੀ ਸਰਹੱਦ ਲਾਗੇ ਚੌਕੀਆਂ ਦੇ ਹੋਏ ਨੁਕਸਾਨ ਬਾਰੇ ਵੀ ਗੱਲ ਕਰਨਗੇ। ਪੰਜਾਬ ਲਈ 20 ਹਜ਼ਾਰ ਕਰੋੜ ਦੇ ਰਾਹਤ ਪੈਕੇਜ ਦੀ ਵੀ ਉਹ ਮੰਗ ਕਰਨਗੇ।

Advertisement
Show comments