ਮੇਜਰ ਮੱਟਰਾਂ/ਬੀਰ ਇੰਦਰ ਬਨਭੌਰੀ
ਭਵਾਨੀਗੜ੍ਹ/ਸੁਨਾਮ ਊਧਮ ਸਿੰਘ ਵਾਲਾ, 13 ਜੂਨ
ਸਥਾਨਕ ਅਨਾਜ ਮੰਡੀ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆੜ੍ਹਤੀਆਂ ਦੀਆਂ ਦੁਕਾਨਾਂ ’ਤੇ ਜਾ ਕੇ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੀਆਂ ਭ੍ਰਿਸ਼ਟ ਸਰਕਾਰਾਂ ਮੁਕਾਬਲੇ ਆਮ ਆਦਮੀ ਪਾਰਟੀ ਵੱਲੋਂ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਵੋਟਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਵਿਧਾਇਕ ਅਮਨ ਅਰੋੜਾ ਨੇ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਪ੍ਰਚਾਰ ਮੁਹਿੰਮ ਚਲਾਈ। ਸ੍ਰੀ ਅਰੋੜਾ ਨੇ ਦੱਸਿਆ ਕਿ ਪਿੰਡ ਘਾਸੀਵਾਲਾ ਦੇ ਪੰਚਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਦਿੱਤਾ। ਉਨ੍ਹਾਂ ਦੱਸਿਆ ਕਿ ਸਰਪੰਚ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪੰਚ ਦਵਿੰਦਰ ਸਿੰਘ, ਲਾਭ ਸਿੰਘ, ਜਗਦੇਵ ਸਿੰਘ ਅਤੇ ਬੂਟਾ ਸਿੰਘ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਹਲਕਾ ਵਿਧਾਇਕ ਸੁਨਾਮ ਅਤੇ ਖੰਨਾ ਤੋਂ ਆਏ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨੇ ਪੂਰੀ ਪੰਚਾਇਤ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਸਰਪੰਚ ਲਖਵਿੰਦਰ ਸਿੰਘ ਤੇ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਮਿਲੇਗਾ। ਇਸ ਮੌਕੇ ਜਰਨੈਲ ਸਿੰਘ ਸਾਬਕਾ ਪੰਚ, ਸੁਖਪਾਲ ਸਿੰਘ, ਲਾਭ ਸਿੰਘ ਲੀਲੋਵਾਲ ਤੇ ਸੰਦੀਪ ਸਿੰਘ ਦੁੱਗਾਂ ਮੌਜੂਦ ਸਨ।