ਮਾਨ ਨੇ ਬੰਗਲੂਰੂ ਦੇ ਸਨਅਤਕਾਰਾਂ ਨੂੰ ਪੰਜਾਬ ’ਚ ਨਿਵੇਸ਼ ਦਾ ਸੱਦਾ ਦਿੱਤਾ
ਆਤਿਸ਼ ਗੁਪਤਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਨਅਤੀ ਖੇਤਰ ਨੂੰ ਹੁਲਾਰਾ ਦੇਣ ਲਈ ਬੰਗਲੂਰੂ ਦੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਜ ਕਰਨਾਟਕ ਦੀ ਰਾਜਧਾਨੀ ਬੰਗਲੂਰੂ ਵਿੱਚ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਗਲੂਰੂ ਨੂੰ ਭਾਰਤ ਦੇ ਸੂਚਨਾ ਤਕਨਾਲੋਜੀ ਹੱਬ ਅਤੇ ਭਾਰਤ ਦੀ ਸਿਲੀਕਾਨ ਵੈਲੀ ਵਜੋਂ ਜਾਣਿਆ ਜਾਂਦਾ ਹੈ, ਜਦਕਿ ਪੰਜਾਬ ਦੇ ਮਿਹਨਤੀ ਲੋਕ ਆਪਣੇ ਸਮਰਪਣ ਅਤੇ ਲਗਨ ਲਈ ਜਾਣੇ ਜਾਂਦੇ ਹਨ, ਜਿਸ ਸਦਕਾ ਸੂਬੇ ਵਿੱਚ ਸਨਅਤ ਅਤੇ ਉੱਦਮ ਲਗਾਤਾਰ ਪ੍ਰਫੁੱਲਤ ਹੋ ਰਹੇ ਹਨ। ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਸੂਬੇ ਦੀਆਂ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਕਾਰੋਬਾਰ-ਪੱਖੀ ਮਾਹੌਲ ਸਦਕਾ ਵੱਡੀ ਗਿਣਤੀ ਵਿੱਚ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। ਮਾਰਚ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਪਗ 4.7 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ, ਆਈ ਟੀ ਅਤੇ ਸੈਰ-ਸਪਾਟਾ ਵਰਗੇ ਖੇਤਰ ਹੋਰ ਸੂਬਿਆਂ ਲਈ ਮਿਸਾਲ ਬਣ ਰਹੇ ਹਨ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਵਿੱਚ ਨੈਸਲੇ, ਕਲਾਸ, ਕਾਰਗਿਲ, ਵਰਬੀਓ, ਡੈਨੋਨ ਅਤੇ ਵਿਸ਼ਵ ਪੱਧਰ ਦੀਆਂ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ ਆਪਣੀਆਂ ਯੂਨਿਟਾਂ ਸਥਾਪਤ ਕੀਤੀਆਂ ਗਈਆਂ ਹਨ। ਜਮਸ਼ੇਦਪੁਰ ਤੋਂ ਬਾਅਦ ਟਾਟਾ ਦਾ ਭਾਰਤ ਵਿੱਚ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਲੁਧਿਆਣਾ ਵਿੱਚ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵੱਲੋਂ ਜਪਾਨ, ਅਮਰੀਕਾ, ਜਰਮਨੀ, ਯੂ ਕੇ, ਯੂ ਏ ਈ, ਸਵਿਟਜ਼ਰਲੈਂਡ, ਫਰਾਂਸ ਅਤੇ ਸਪੇਨ ਵਰਗੇ ਵਿਕਸਤ ਦੇਸ਼ਾਂ ਤੋਂ ਨਿਵੇਸ਼ ਆਕਰਸ਼ਿਤ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਉਦਯੋਗ ਸਥਾਪਤ ਕਰਨ ਸਮੇਂ ਲੈਣ ਵਾਲੀਆਂ ਜ਼ਰੂਰੀ ਪ੍ਰਵਾਨਗੀਆਂ ਲਈ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦੀ ਅਤਿ-ਆਧੁਨਿਕ ਸਿੰਗਲ-ਵਿੰਡੋ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਰਾਹੀਂ 150 ਤੋਂ ਵੱਧ ਵਪਾਰਕ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਇਸ ਨਾਲ ਆਫਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਪੈਂਦੀ। ਪੰਜਾਬ ਰਾਈਟ ਟੂ ਬਿਜ਼ਨਸ ਐਕਟ ਤਹਿਤ ਸੂਬਾ ਸਰਕਾਰ ਨੇ 125 ਕਰੋੜ ਰੁਪਏ ਤੱਕ ਦੇ ਨਿਵੇਸ਼ ਵਾਲੇ ਪ੍ਰਾਜੈਕਟਾਂ ਨੂੰ ਤਿੰਨ ਦਿਨਾਂ ਦੇ ਅੰਦਰ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਪ੍ਰਵਾਨਗੀਆਂ ਦੇਣ ਲਈ 45 ਦਿਨਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ।
ਅਗਲੇ ਸਾਲ ਮਾਰਚ ਵਿੱਚ ਹੋਵੇਗਾ ਛੇਵਾਂ ਪੰਜਾਬ ਨਿਵੇਸ਼ ਸੰਮੇਲਨ
ਮੁੱਖ ਮੰਤਰੀ ਨੇ ਬੰਗਲੂਰੂ ਦੇ ਉਦਯੋਗਪਤੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੇਵਾਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 13 ਤੋਂ 15 ਮਾਰਚ ਤੱਕ ਮੁਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਾਰੇ ਨਿਵੇਸ਼ਕਾਂ ਨੂੰ ਇਸ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਉਦਯੋਗਪਤੀਆਂ, ਨੀਤੀ ਘਾੜਿਆਂ ਅਤੇ ਖੋਜੀਆ ਨੂੰ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਆਪਣੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਸਾਂਝਾ ਪਲੇਟਫਾਰਮ ਦੇਵੇਗਾ।