ਗੁਰਬਖਸ਼ਪੁਰੀ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਹੋਰਡਿੰਗਾਂ ’ਤੇ ਆਪਣੀ ਫੋਟੋ ਲਗਵਾ ਕੇ ਵਾਅਦੇ ਪੂਰੇ ਕਰ ਰਹੇ ਹਨ ਪਰ ਹਕੀਕਤ ਵਿੱਚ ਲੋਕ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹਨ|
ਰਾਜਾ ਵੜਿੰਗ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਇੱਥੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਚੋਣ-ਪ੍ਰਚਾਰ ਕਰਨ ਲਈ ਆਏ ਸਨ| ਉਨ੍ਹਾਂ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਪਾਰਟੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿੱਚ ਲੋਕਾਂ ਨਾਲ ਨਿੱਜੀ ਰਾਬਤਾ ਬਣਾਉਣ ਦੀ ਅਪੀਲ ਕੀਤੀ| ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੇ ਹਿੱਤ ਕਾਂਗਰਸ ਹੀ ਸੁਰੱਖਿਅਤ ਰੱਖ ਸਕਦੀ ਹੈ| ਉਨ੍ਹਾਂ ਸੀਨੀਆਰ ਕਾਂਗਰਸ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਸੁੱਖ ਸਰਕਾਰੀਆ ਨਾਲ ਮੀਟਿੰਗ ਕੀਤੀ ਅਤੇ ਪਾਰਟੀ ਵਰਕਰਾਂ ਨੂੰ ਚੋਣਾਂ ਲਈ ਲਾਮਬੰਦ ਕਰਨ ’ਤੇ ਜ਼ੋਰ ਦਿੱਤਾ|
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਡਾ. ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਹਰਦੇਵ ਸਿੰਘ ਲਾਡੀ, ਵਿਧਾਇਕ ਡਾ. ਸੁਖਵਿੰਦਰ ਕੋਟਲੀ, ਕੈਪਟਨ ਸੰਦੀਪ ਸਿੰਘ ਸੰਧੂ ਤੇ ਅਨਿਲ ਜੋਸ਼ੀ ਨੇ ਵੀ ਸੰਬੋਧਨ ਕੀਤਾ।

