ਮਾਨ ਨੇ ਚੋਣ ਕਮਿਸ਼ਨ ਦੀ ਭਰੋਸੇਯੋਗਤਾ ’ਤੇ ਚੁੱਕੇ ਸਵਾਲ
ਬਟਾਲਾ ’ਚ ਤਹਿਸੀਲ ਕੰਪਲੈਕਸ ਦਾ ਉਦਘਾਟਨ; ਕੇਂਦਰ ’ਤੇ ਪੰਜਾਬ ’ਵਰਸਿਟੀ ਦੇ ਵਜੂਦ ਨੂੰ ਢਾਹ ਲਾਉਣ ਦੇ ਦੋਸ਼
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਭਾਰਤੀ ਚੋਣ ਕਮਿਸ਼ਨ ਦੀ ਘੱਟ ਰਹੀ ਭਰੋਸੇਯੋਗਤਾ ਨੂੰ ਜਮਹੂਰੀਅਤ ਲਈ ਖ਼ਤਰਾ ਆਖਿਆ ਅਤੇ ਕਿਹਾ ਕਿ ਜੇ ਕੋਈ ਸਿਆਸੀ ਪਾਰਟੀ ਈ ਵੀ ਐੱਮ ਅਤੇ ਵੋਟ ਚੋਰੀ ’ਤੇ ਸਵਾਲ ਚੁੱਕ ਰਹੀ ਹੈ ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ’ਚ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲ ਹੋਣ ਦੀ ਜੱਦੋ-ਜਹਿਦ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਯੂਨੀਵਰਸਿਟੀ ਦੇ ਵਜੂਦ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਭਾਖੜ ਬਿਆਸ ਮੈਨੇਜਮੈਂਟ ਬੋਰਡ, ਪੰਜਾਬ ਯੂਨੀਵਰਸਿਟੀ ਅਤੇ ਹੋਰ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਭਗਵਾਂ ਪਾਰਟੀ ਦੇ ਸੂਬੇ ਵਿਰੋਧੀ ਰਵੱਈਏ ਨੂੰ ਦਰਸਾਉਂਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਰਜਵਾੜਾਸ਼ਾਹੀ ਦੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਆਮ ਲੋਕਾਂ ਵਿਰੁੱਧ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ, ਸੁਨੀਲ ਜਾਖੜ (ਹੁਣ ਭਾਜਪਾ ਵਿੱਚ) ਅਤੇ ਹੋਰਾਂ ਆਗੂਆਂ ਨੇ ਆਪਣੀ ਹੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਵਿਰੁੱਧ ਵੀ ਅਜਿਹੀ ਭਾਸ਼ਾ ਹੀ ਵਰਤੀ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਦੀ ਲਾਗਤ ਨਾਲ ਤਿਆਰ ਹੋਇਆ ਹੈ। ਇਸ ਨਵੇਂ ਕੰਪਲੈਕਸ ਦੇ ਨਿਰਮਾਣ ਨਾਲ ਹੁਣ 314 ਪਿੰਡਾਂ ਦੇ ਲੋਕ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਲੈ ਸਕਣਗੇ। ਇਸ ਮੌਕੇ ‘ਆਪ’ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਹਲਕਾ ਕਾਂਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ ਹਾਜ਼ਰ ਸਨ।

