ਵਿਗੜੀ ਕਾਨੂੰਨ ਵਿਵਸਥਾ ਲਈ ਮਾਨ ਅਸਤੀਫ਼ਾ ਦੇਣ: ਰੋਮਾਣਾ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਪੰਜਾਬ ਵਿੱਚ ਕਾਬਜ਼ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਿਸ ਦੀ ਮਾੜੀ ਕਾਰਗੁਜ਼ਾਰੀ ਕਰਕੇ ਪੰਜਾਬ ਵਿੱਚ ਗੈਂਗਸਟਰ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਵੱਲੋਂ ਪੰਜਾਬ ਵਿੱਚ ਗੈਂਗਸਟਰਾਂ ਦੀ ਪੁਸ਼ਤ-ਪਨਾਹੀ ਕੀਤੀ ਜਾ ਰਹੀ ਹੈ, ਜਿਸ ਕਾਰਨ ਸੂਬੇ ਦੇ ਮਾੜੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਤੁਰੰਤ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ 48 ਘੰਟਿਆਂ ਦੌਰਾਨ ਗੋਲੀਬਾਰੀ ਦੀਆਂ ਚਾਰ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਨ੍ਹਾਂ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ ਹੈ ਤੇ ਦਰਜਨ ਦੇ ਕਰੀਬ ਗੰਭੀਰ ਜ਼ਖ਼ਮੀ ਹੋ ਗਏ ਹਨ। ਸ੍ਰੀ ਰੋਮਾਣਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਸਟਰਾਂ ਨੂੰ ਮੋਬਾਈਲ ਫੋਨ ਤੋਂ ਲੈ ਕੇ ਇੰਟਰਨੈੱਟ ਤੱਕ ਦੀ ਸਹੂਲਤ ਦਿੱਤੀ ਗਈ ਹੈ।
