ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਅਕਤੂਬਰ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਦਿੱਲੀ ’ਚ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਬਾਰੇ ਕੇਂਦਰੀ ਮੰਤਰੀ ਮਨਸੁਖ ਐੱਲ. ਮਾਂਡਵੀਆ ਨਾਲ ਮੁਲਾਕਾਤ ਕਰ ਕੇ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਪਾਰਕ ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਜੰਮੂ ਕਸ਼ਮੀਰ ਅਤੇ ਲੱਦਾਖ ਲਈ ਲਾਭਕਾਰੀ ਸਿੱਧ ਹੋਵੇਗਾ। ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਸ ਪਾਰਕ ਲਈ ਉਹ ਬਠਿੰਡਾ ਨੂੰ ਸਭ ਤੋਂ ਵੱਧ ਤਰਜੀਹ ਦੇਣਗੇ। ਵਿੱਤ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਲਈ ਆਪਣੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਗੁਆਂਢੀ ਦੁਸ਼ਮਣਾਂ ਦੇ ਗਲਤ ਮਨਸੂਬਿਆਂ ਦਾ ਸ਼ਿਕਾਰ ਹੋਣ ਤੋਂ ਬਚ ਸਕਣ। ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਦੀ ਸਥਾਪਨਾ ਨਾਲ ਲਗਪਗ ਇੱਕ ਲੱਖ ਲੋਕਾਂ ਨੂੰ ਸਿੱਧੇ ਅਤੇ ਤਕਰੀਬਨ ਦੋ ਲੱਖ ਲੋਕਾਂ ਨੂੰ ਅਸਿੱਧੇ ਤੌਰ ’ਤੇ ਰੁਜ਼ਗਾਰ ਮਿਲੇਗਾ। ਬਠਿੰਡਾ ’ਚ ਪੂਰੀ ਤਰ੍ਹਾਂ ਕਾਰਜਸ਼ੀਲ ‘ਏ’ ਲੈਵਲ ਦਾ ਰੇਲਵੇ ਸਟੇਸ਼ਨ, 1350 ਏਕੜ ਤੋਂ ਵੱਧ ਜ਼ਮੀਨ ਅਤੇ ਤੇਲ ਰਿਫਾਈਨਰੀ ਉਪਲੱਬਧ ਹੈ, ਜੋ ਇਸ ਜਗ੍ਹਾ ਨੂੰ ਫਾਰਮਾ ਪਾਰਕ ਲਈ ਢੁਕਵਾਂ ਬਣਾਉਂਦੀ ਹੈ। ਉਨ੍ਹਾਂ ਦੱਸਿਆ ਕਿ ਫਾਰਮਾ ਉਦਯੋਗ ਨੂੰ ਯੂਐੱਸਐੱਫਡੀਏ ਤੋਂ ਮਨਜ਼ੂਰਸ਼ੁਦਾ ਵੱਡੀਆਂ ਫਾਰਮਾਸਿਊਟੀਕਲ ਕੰਪਨੀਆਂ ਤੋਂ ਵੀ ਸਹਾਇਤਾ ਪ੍ਰਾਪਤ ਹੋਵੇਗੀ। ਆਰ ਐਂਡ ਡੀ ਈਕੋਸਿਸਟਮ, ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ), ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਅਤੇ ਨੈਨੋ ਟੈਕਨਾਲੋਜੀ ਇੰਸਟੀਚਿਊਟ, ਮੁਹਾਲੀ ਤੋਂ ਇਲਾਵਾ ਆਲ ਇੰਡੀਅਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼, ਬਠਿੰਡਾ) ਤੇ ਮਾਈਕਰੋਬਾਇਲ ਟੈਕਨਾਲੋਜੀ ਸੰਸਥਾ, ਬਠਿੰਡਾ ਦਾ ਵੀ ਲਾਭ ਮਿਲੇਗਾ।