ਜੋਗਿੰਦਰ ਸਿੰਘ ਮਾਨ
ਮਾਨਸਾ, 14 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 10 ਦਸੰਬਰ ਨੂੰ ਮਾਨਸਾ ’ਚ ਹੋਈ ਰੈਲੀ ਦੌਰਾਨ ਇੱਕ ਡੀਐੱਸਪੀ ਵੱਲੋਂ ਹੱਕ ਮੰਗਣ ਆਏ ਬੇਰੁਜ਼ਗਾਰ ਅਧਿਆਪਕਾਂ ’ਤੇ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਉਠੀ ਆਵਾਜ਼ ਤੋਂ ਬਾਅਦ ਪੰਜਾਬ ਸਰਕਾਰ ਨੇ ਜੋ ਪੂਰੇ ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਜਾਰੀ ਕੀਤੇ ਸੀ, ਉਸ ਦੀ ਸੁਣਵਾਈ ਭਲਕੇ 15 ਦਸੰਬਰ ਨੂੰ ਹੋ ਰਹੀ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਨੂੰ ਪੜਤਾਲੀਆ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਪੜਤਾਲੀਆ ਅਫ਼ਸਰ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ 15 ਦਸੰਬਰ ਨੂੰ 11 ਤੋਂ 1 ਵਜੇ ਤੱਕ ਬੱਚਤ ਭਵਨ ਮਾਨਸਾ ’ਚ ਇਸ ਘਟਨਾ ਨਾਲ ਸਬੰਧਤ ਵਿਅਕਤੀਆਂ ਦੀ ਜਨਤਕ ਸੁਣਵਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੜਤਾਲ ਦੌਰਾਨ ਘਟਨਾ ਨਾਲ ਸਬੰਧਤ ਪੀੜਤ ਜਾਂ ਪਬਲਿਕ ’ਚੋਂ ਕੋਈ ਵੀ ਵਿਅਕਤੀ, ਜੋ ਤੱਥਾਂ ਤੋਂ ਬਾਖੂਬੀ ਵਾਕਫ਼ ਹੋਵੇ ਤੇ ਘਟਨਾ ਬਾਰੇ ਜਾਣਕਾਰੀ ਰੱਖਦਾ ਹੋਵੇ ਤੇ ਇਸ ਮਸਲੇ ਨਾਲ ਸਬੰਧਤ ਆਪਣੇ ਬਿਆਨ ਜਾਂ ਦਸਤਾਵੇਜ਼ ਪੇਸ਼ ਕਰਨਾ ਚਾਹੁੰਦਾ ਹੋਵੇ ਤਾਂ ਨਿਸ਼ਚਿਤ ਸਮੇਂ ’ਤੇ ਪੜਤਾਲ ਦੌਰਾਨ ਪੇਸ਼ ਹੋ ਕੇ ਆਪਣਾ ਪੱਖ ਰੱਖ ਸਕਦਾ ਹੈ। ਅਧਿਆਪਕ ਜਥੇਬੰਦੀਆਂ ਦੇ ਆਗੂ ਹਰਦੀਪ ਸਿੰਘ ਸਿੱਧੂ, ਕਰਮਜੀਤ ਸਿੰਘ ਤਾਮਕੋਟ ਤੇ ਕੁਲਦੀਪ ਸਿੰਘ ਖੋਖਰ ਦਾ ਕਹਿਣਾ ਹੈ ਕਿ ਉਹ ਕੁੱਟਮਾਰ ਦੀਆਂ ਸੋਸ਼ਲ ਮੀਡੀਆ ’ਤੇ ਨਸ਼ਰ ਹੋਈਆਂ ਵੀਡੀਓਜ਼ ਤੇ ਤਸਵੀਰਾਂ ਨੂੰ ਲੈ ਕੇ ਆਪਣਾ ਪੱਖ ਰੱਖਗੇ। ਇਸੇ ਦੌਰਾਨ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ’ਤੇ ਤਸ਼ੱਦਦ ਢਾਹੁਣ ਵਾਲੇ ਪੁਲੀਸ ਅਧਿਕਾਰੀ ਖ਼ਿਲਾਫ਼ ਕਾਰਵਾਈ ਕਰਾਉਣ ਲਈ 16 ਦਸੰਬਰ ਨੂੰ ਡੀਸੀ ਮਾਨਸਾ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਕਰਮਜੀਤ ਸਿੰਘ ਤਾਮਕੋਟ ਨੇ ਕਿਹਾ ਕਿ ਹੱਕ ਮੰਗਦੇ ਬੇਰੁਜ਼ਗਾਰ ਨੌਜਵਾਨਾਂ ’ਤੇ ਲਾਠੀਚਾਰਜ ਕਰਨਾ ਅਣ-ਮਨੁੱਖੀ ਵਰਤਾਰਾ ਹੈ।