ਜੋਗਿੰਦਰ ਸਿੰਘ ਮਾਨ
ਮਾਨਸਾ, 5 ਜੂਨ
ਆਲ ਇੰਡੀਆ ਘੱਟ ਗਿਣਤੀ ਦੇ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਦੇਸ਼ ਦੇ ਗ੍ਰਹਿ ਮੰਤਰੀ ਅਤਿਮ ਸ਼ਾਹ ਨੂੰ ਮਿਲਕੇ ਇਸ ਕਤਲ ਕਾਂਡ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਉਹ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹੋਣ ਦੇ ਨਾਤੇ ਇਸ ਕੇਸ ਨੂੰ ਨਿੱਜੀ ਤੌਰ ’ਤੇ ਸੁਲਝਾਉਣ ਲਈ ਵਿਸ਼ੇਸ ਉਪਰਾਲੇ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਸੀ, ਜਿਸ ਕਾਰਨ ਉਨ੍ਹਾਂ ਦੀ ਇਹ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼ ਵਿੱਚ ਕਿਤੇ ਵੀ ਘੱਟ ਗਿਣਤੀ ਨਾਲ ਬੇਇਨਸਾਫ਼ੀ ਨੱਥ ਪਾਉਣ ਲਈ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਇਸ ਦੁੱਖ ਦੀ ਘੜੀ ਪਰਿਵਾਰ ਨਾਲ ਖੜ੍ਹਨ ਦਾ ਭਰੋਸਾ ਦਿਵਾਇਆ ਅਤੇ ਪਰਿਵਾਰ ਲਈ ਹਰ ਤਰ੍ਹਾਂ ਦੀ ਮਦਦ ਕਰਦੇ ਰਹਿਣਗੇ।
ਇਸ ਮੌਕੇ ਕਰਨਲ ਆਰਐੱਸ ਸ਼ੇਰਗਿੱਲ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਮਨਜੀਤ ਕੌਰ ਭੱਟੀ ਅਤੇ ਹਰਿਆਣਾ ਦੇ ਰਤੀਆ ਤੋਂ ਵਿਧਾਇਕ ਲਕਸ਼ਮਣ ਨਾਪਾ ਵੀ ਮੌਜੂਦ ਸਨ। ਇਸੇ ਦੌਰਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਮਰਹੂਮ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਭਰ ਜਵਾਨੀ ਵਿੱਚ ਹੋਏ ਕਤਲ ਨਾਲ ਸੰਗੀਤ ਜਗਤ ਦੇ ਨਾਲ-ਨਾਲ ਪੰਜਾਬੀਆਂ ਨੂੰ ਵੱਡਾ ਘਾਟਾ ਪਿਆ ਹੈ। ਪੰਜਾਬੀ ਫ਼ਿਲਮ ਅਦਾਕਾਰ ਗੱਗੂ ਗਿੱਲ ਅੱਜ ਮੂਸਾ ਪਿੰਡ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਮੌਕੇ ਬੇਹੱਦ ਭਾਵੁਕ ਹੋ ਗਏ ਅਤੇ ਉਨ੍ਹਾਂ ਰੋਂਦਿਆਂ ਹੋਇਆ ਕਿਹਾ ਕਿ ਉਹ ਕਮਾਲ ਦਾ ਅਦਾਕਾਰ ਅਤੇ ਗਾਇਕ ਸੀ, ਜਿਸ ਦੇ ਕਤਲ ਨਾਲ ਫ਼ਿਲਮ ਜਗਤ ਨੂੰ ਨਾ ਪੂਰਨਯੋਗ ਘਾਟਾ ਪਿਆ ਹੈ। ਇਸ ਤੋਂ ਪਹਿਲਾਂ ਪਰਿਵਾਰ ਨਾਲ ਕੁਮਾਰੀ ਸੈਲਜ਼ਾ,ਪਰਮਿੰਦਰ ਸਿੰਘ ਢੀਂਡਸਾ, ਜਗਮੀਤ ਸਿੰਘ ਬਰਾੜ, ਪ੍ਰੇਮ ਸਿੰਘ ਚੰਦੂਮਾਜਰਾ ਨੇ ਵੱਖ-ਵੱਖ ਰੂਪ ’ਚ ਦੁੱਖ ਦਾ ਪ੍ਰਗਟਾਵਾ ਕੀਤਾ।