ਫ਼ਤਹਿਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਸ਼ੁਰੂ
ਮਾਰਚ ਦਾ ਪਹਿਲਾ ਪਡ਼ਾਅ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਦਮਦਮਾ ਸਾਹਿਬ ਤੱਕ ਹੋਵੇਗਾ
ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਦਮਦਮਾ ਸਾਹਿਬ ਤੱਕ ਬੰਦੀ ਸਿੰਘ ਰਿਹਾਈ ਮਾਰਚ ਦਾ ਪਹਿਲਾ ਪੜਾਅ ਅੱਜ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋ ਗਿਆ, ਜੋ ਰਾਤ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਵਿਸ਼ਰਾਮ ਕਰਨ ਮਗਰੋਂ ਤਖ਼ਤ ਦਮਦਮਾ ਸਾਹਿਬ ਲਈ ਰਵਾਨਾ ਹੋਵੇਗਾ। ਮਾਰਚ ਦੀ ਆਰੰਭਤਾ ਹੈੱਡ ਗ੍ਰੰਥੀ ਵੱਲੋਂ ਕੀਤੀ ਅਰਦਾਸ ਨਾਲ ਹੋਈ। ਮਾਰਚ ਨੇ ਸਮੁੱਚੇ ਖਾਲਸਾ ਪੰਥ ਵਿੱਚ ਕੌਮੀ ਏਕਤਾ ਦਾ ਪ੍ਰਗਟਾਵਾ ਕੀਤਾ ਹੈ।
ਇਸ ਵਿੱਚ ਪੰਥਕ ਜਥੇਬੰਦੀਆਂ, ਧਾਰਮਿਕ ਸੰਪਰਦਾਵਾਂ, ਰਾਜਸੀ ਆਗੂਆਂ ਅਤੇ ਸੰਗਤਾਂ ਨੇ ਸ਼ਿਰਕਤ ਕੀਤੀ। ਮੁੱਖ ਤੌਰ ’ਤੇ ਇਸ ਵਿਚ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਥੇਦਾਰ ਹਵਾਰਾ ਦੇ ਨੁਮਾਇੰਦੇ, ਬਲਜੀਤ ਸਿੰਘ ਦਾਦੂਵਾਲ, ਗੁਰਦੀਪ ਸਿੰਘ ਬਠਿੰਡਾ, ਜਸਵੀਰ ਸਿੰਘ ਰੋਡੇ, ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਵਾਰਿਸ ਪੰਜਾਬ ਵੱਲੋਂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਲਖਵੀਰ ਸਿੰਘ ਕੋਟਲਾ, ਲਖਵੀਰ ਸਿੰਘ ਸੌਂਟੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਰਨੈਨ ਸਿੰਘ ਪੰਜੋਲੀ, ਪਰਮਿੰਦਰ ਸਿੰਘ ਢੀਂਡਸਾ, ਰਣਵੀਰ ਸਿੰਘ ਪੂਨੀਆਂ, ਮਨਦੀਪ ਸਿੰਘ ਤਰਖਾਣਮਾਜਰਾ, ਸਤਵਿੰਦਰ ਸਿੰਘ ਟੌਹੜਾ, ਹਰਿੰਦਰਪਾਲ ਟੌਹੜਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬਲਜੀਤ ਸਿੰਘ ਭੁੱਟਾ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ ਅਤੇ ਦਲਵੀਰ ਸਿੰਘ ਸਿੱਧੂਪੁਰ ਸ਼ਾਮਲ ਸਨ। ਇਹ ਮਾਰਚ ਸਰਹਿੰਦ ਮੰਡੀ, ਸਾਨੀਪੁਰ, ਖੋਜੇ ਮਾਜਰਾ, ਸੰਗਤਪੁਰਾ, ਚਨਾਰਥਲ ਖੁਰਦ, ਚਨਾਰਥਲ ਕਲਾਂ ਅਤੇ ਟੌਹੜਾ ਵਿਚੋਂ ਹੁੰਦਾ ਹੋਇਆ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮਾਰਚ ਦਾ ਪਿੰਡਾਂ ਵਿਚ ਵੀ ਭਰਵਾਂ ਸਮਾਗਮ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਇਸ ਮਾਰਚ ਦਾ ਮੁੱਖ ਮਨੋਰਥ ਸਿੱਖ ਸੰਗਤਾਂ ਨੂੰ ਲਾਮਬੰਦ ਕਰਨਾ ਹੈ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਖਾਲਸਾ ਪੰਥ ਵੱਲੋਂ ਆਰੰਭੇ ਜਾਣ ਵਾਲੇ ਵੱਡੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਜਾ ਸਕੇ ਅਤੇ ਜਲਦੀ ਹੀ ਅਗਲੇ ਮਾਰਚਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਦੀ, ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮੁਆਫ਼ ਨਹੀਂ ਕਰਦੀ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਮਾਤਾ ਨੂੰ ਮਿਲਣ ਲਈ ਪੈਰੋਲ ਨਹੀਂ ਦਿੰਦੀ ਤਾਂ ਦੇਸ਼ ਭਰ ਵਿੱਚ ‘ਜੇਲ੍ਹ ਭਰੋ ਅੰਦੋਲਨ’ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਿੱਖਾਂ ਨਾਲ ਧੱਕੇਸ਼ਾਹੀ ਅਤੇ ਸਿੱਖਾਂ ਦੀ ਵੱਖਰੀ ਤੇ ਆਜ਼ਾਦ ਹਸਤੀ ਨੂੰ ਖ਼ਤਮ ਕਰਨ ਦੀਆਂ ਚਾਲਾਂ ਦਾ ਦੋਸ਼ ਲਾਉਂਦੇ ਹੋਏ ਕੇਂਦਰ ਅਤੇ ਭਾਜਪਾ ਦਾ ਮੁਕੰਮਲ ਬਾਈਕਾਟ ਦਾ ਸੱਦਾ ਦਿਤਾ।
ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਨੂੰ ਤੁਰੰਤ ‘ਸਰਬੱਤ ਖਾਲਸਾ’ ਸੱਦਣਾ ਚਾਹੀਦਾ ਹੈ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ‘ਵਿਸ਼ਵ ਸਿੱਖ ਕਨਵੈਨਸ਼ਨ’ ਬੁਲਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਫ਼ੈਸਲਾ ਲੈਣਾ ਚਾਹੀਦਾ ਹੈ। ਇਨ੍ਹਾਂ ਫ਼ੈਸਲਿਆਂ ’ਤੇ ਅੰਤਿਮ ਮੋਹਰ ‘ਕੌਮੀ ਇਨਸਾਫ਼ ਮੋਰਚੇ’ ਦੀ ਅਗਲੀ ਇਕੱਤਰਤਾ ਵਿੱਚ ਲਗਾਈ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸਹਿਯੋਗ ਲਈ ਵੀ ਪ੍ਰਬੰਧਕਾਂ ਨੇ ਧੰਨਵਾਦ ਕੀਤਾ।

