ਬੰਦੀ ਸਿੰਘਾਂ ਦੀ ਰਿਹਾਈ ਲਈ ਬੁੜੈਲ ਜੇਲ੍ਹ ਤੱਕ ਮਾਰਚ
ਕੌਮੀ ਇਨਸਾਫ਼ ਮੋਰਚੇ ਦੇ ਮਾਰਚ ਨੂੰ ਪੁਲੀਸ ਨੇ ਬੈਰੀਕੇਡ ਲਗਾ ਕੇ ਰੋਕਿਆ
ਕਰਮਜੀਤ ਸਿੰਘ ਚਿੱਲਾ
ਕੌਮੀ ਇਨਸਾਫ਼ ਮੋਰਚੇ ਨੇ ਅੱਜ ਬੰਦੀ ਛੋੜ ਦਿਵਸ ਮੌਕੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਮੁੜ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਮੋਰਚੇ ਦੇ ਸਰਪ੍ਰਸਤ ਗੁਰਚਰਨ ਸਿੰਘ ਹਵਾਰਾ ਦੀ ਅਗਵਾਈ ਹੇਠ ਕਾਰਕੁਨਾਂ ਨੇ ਮੋਰਚੇ ਵਾਲੇ ਸਥਾਨ ਤੋਂ ਬੁੜੈਲ ਜੇਲ੍ਹ ਤੱਕ ਰੋਸ ਮਾਰਚ ਕੀਤਾ। ਪੁਲੀਸ ਨੇ ਬੁੜੈਲ ਜੇਲ੍ਹ ਤੋਂ ਕਾਫ਼ੀ ਦੂਰ ਭਾਰੀ ਬੈਰੀਕੇਡਿੰਗ ਕਰਕੇ ਮਾਰਚ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਤਾਂ ਮੋਰਚੇ ਵਿੱਚ ਸ਼ਾਮਲ ਸੰਗਤ ਨੇ ਬਿਨਾਂ ਕਿਸੇ ਟਕਰਾਅ ਤੋਂ ਸ਼ਾਂਤਮਈ ਢੰਗ ਨਾਲ ਸੜਕ ’ਤੇ ਹੀ ਬੈਠ ਕੇ ਪਾਠ ਕਰਨਾ ਸ਼ੁਰੂ ਕਰ ਦਿੱਤਾ। ਇਸ ਮਗਰੋਂ ਬੰਦੀ ਸਿੰਘਾਂ ਦੀ ਚੜ੍ਹਦੀਕਲਾ ਅਤੇ ਜਲਦੀ ਰਿਹਾਈ ਲਈ ਅਰਦਾਸ ਕੀਤੀ ਗਈ ਤੇ ਮਾਰਚ ਨੂੰ ਸ਼ਾਂਤੀਪੂਰਵਕ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਮੋਰਚੇ ਦੇ ਆਗੂਆਂ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲੀ ਨਵੰਬਰ ਨੂੰ ‘ਅਰਦਾਸ ਦਿਵਸ’ ਮਨਾਇਆ ਜਾਵੇਗਾ ਅਤੇ 14 ਨਵੰਬਰ ਨੂੰ ਦਿੱਲੀ ਵੱਲ ਮਾਰਚ ਕੀਤਾ ਜਾਵੇਗਾ। ਇਸ ਸਬੰਧੀਆਂ ਤਿਆਰੀਆਂ ਅਤੇ ਮੋਰਚੇ ਦੀਆਂ ਸਰਗਰਮੀਆਂ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਅੱਜ ਦੇ ਰੋਸ ਮਾਰਚ ਵਿੱਚ ਵੱਖ-ਵੱਖ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ’ਤੇ ਕਿਸਾਨ ਆਗੂ ਡਾ. ਦਰਸ਼ਨ ਪਾਲ, ਭਾਈ ਗੁਰਦੀਪ ਸਿੰਘ ਬਠਿੰਡਾ, ਬਲਬੀਰ ਸਿੰਘ ਬੈਰੋਪੁਰ, ਬਲਜੀਤ ਸਿੰਘ ਭਾਊ ਤੇ ਹੋਰ ਸ਼ਾਮਲ ਸਨ।