ਜੋਗਿੰਦਰ ਸਿੰਘ ਮਾਨ
ਮਾਨਸਾ, 11 ਅਕਤੂਬਰ
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ( ਡਕੌਂਦਾ) ਵੱਲੋਂ ਵੱਖ-ਵੱਖ ਥਾਵਾਂ ਉਪਰ ਦਿੱਤੇ ਧਰਨਿਆਂ ਵਿਚ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਦਸਵੀਂ ਬਰਸੀ ਮਨਾਈ ਗਈ। ਇਹ ਬਰਸੀ ਮਾਨਸਾ, ਬੁਢਲਾਡਾ, ਬਰੇਟਾ ਸਮੇਤ ਹੋਰ ਦਰਜਨ ਥਾਵਾਂ ਉਪਰ ਮਨਾਉਣ ਦਾ ਜਥੇਬੰਦੀ ਵੱਲੋਂ ਦਾਅਵਾ ਕੀਤਾ ਗਿਆ।
ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਅੱਜ ਤੋਂ ਦਸ ਸਾਲ ਪਹਿਲਾਂ ਜ਼ਮੀਨ ਬਚਾਓ ਮੋਰਚੇ ਵਿਚ ਮਿੱਟੀ ਨਾਲ ਮਿੱਟੀ ਹੋਣ ਵਾਲੇ ਗਰੀਬ ਕਿਸਾਨ ਦੀ ਕੁਰਕ ਹੁੰਦੀ ਜ਼ਮੀਨ ਬਚਾਉਣ ਲਈ ਆਪਣੀ ਜਾਨ ਦੀ ਬਾਜ਼ੀ ਲਾ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਜ਼ਮੀਨ ਅਤੇ ਪੰਜਾਬ ਦਾ ਮੰਡੀਕਰਨ ਤੇ ਖੇਤੀਬਾੜੀ ਸਬੰਧੀ ਕਾਲੇ ਕਨੂੰਨਾਂ ਨੂੰ ਜਿੰਨਾ ਸਮਾਂ ਰੱਦ ਨਹੀਂ ਕਰਵਾ ਲੈਂਦੇ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਿਲਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਦਰਸ਼ਨ ਸਿੰਘ ਗੁਰਨੇ ਕਲਾ, ਸੱਤਪਾਲ ਸਿੰਘ ਵਰੇ, ਭੁਪਿੰਦਰ ਸਿੰਘ ਗੁਰਨੇ ਕਲਾ, ਪ੍ਰਸ਼ੋਤਮ ਸਿੰਘ ਗਿੱਲ, ਜਸਕਰਨ ਸਿੰਘ, ਚਿਮਨ ਲਾਲ ਕਾਕਾ ਅਤੇ ਉੱਘੇ ਕਲਾਕਾਰ ਕੰਵਲ ਗਰੇਵਾਲ ਨੇ ਸੰਬੋਧਨ ਕੀਤਾ।